ਲੁਧਿਆਣਾ, 25 ਨਵੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਲਿਆਉਣ ‘ਤੇ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀਮਤੀ ਡਿੰਪਲ ਮਦਾਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ:) ਰਵਿੰਦਰ ਕੌਰ ਦੇ ਨਾਲ ਵੱਖ-ਵੱਖ ਸਕਰਾਰੀ ਸਕੂਲਾਂ ਦੇ ਪ੍ਰਿੰਸੀਪਲ ਵੀ ਮੌਜੂਦ ਸਨ।
ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।
ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੇ ਸਕੂਲਾਂ ਦੀ ਕਾਇਆ-ਕਲਪ ਤੇ ਬੁਨਿਆਦੀ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਤਾਂ ਜੋ ਅਧਿਆਪਕ ਹਰੇਕ ਵਿਦਿਆਰਥੀ ਦੀ ਕਾਰਗੁਜ਼ਾਰੀ ਨੂੰ ਧਿਆਨ ਨਾਲ ਦੇਖ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਵਿਆਪਕ ਪੱਧਰ ਉਤੇ ਸੁਧਾਰਨ ਉਤੇ ਸਭ ਤੋਂ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਦੇ ਜਥਿਆਂ ਨੂੰ ਦੇਸ਼ ਤੇ ਵਿਦੇਸ਼ਾਂ ਦੀਆਂ ਪ੍ਰਸਿੱਧ ਸਿੱਖਿਆ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਕਿ ਉਹ ਅਧਿਆਪਨ ਦੀਆਂ ਆਧੁਨਿਕ ਤਕਨੀਕਾਂ ਸਿੱਖ ਸਕਣ।