ਗਣਤੰਤਰ ਦਿਹਾੜੇ ਮੌਕੇ ਮਾਨਸਾ ’ਚ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਲਹਿਰਾਉਣਗੇ ਤਿਰੰਗਾ

ਮਾਨਸਾ, 24 ਜਨਵਰੀ :
ਮਾਨਸਾ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਦੇ ਸਮਾਗਮ ਦੀ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮੁਕੰਮਲ ਡਰੈੱਸ ਰਿਹਰਸਲ ਕੀਤੀ ਗਈ, ਮੁਕੰਮਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਜਾਇਜਾ ਲਿਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਅਦਾ ਕਰਨਗੇ।
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮੁਕੰਮਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਇਸ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਅਨੁਸ਼ਾਸ਼ਿਤ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਹ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਦੇ ਮੁਖੀਆਂ ਅਤੇ ਵੱਖ-ਵੱਖ ਸਕੂਲ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਹੋਰ ਵਧੀਆ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਹਿਮ ਨੁਕਤੇ ਸਾਂਝੇ ਕੀਤੇ ਗਏ। ਉਨ੍ਹਾਂ ਅਧਿਕਾਰੀਆਂ ਅਤੇ ਹੋਰਨਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ਼੍ਰੀ ਮਨਜੀਤ ਸਿੰਘ ਰਾਜਲਾ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

[wpadcenter_ad id='4448' align='none']