ਲੁਧਿਆਣਾ, 6 ਅਗਸਤ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਜਿਸ ਵਿੱਚ ਹਲਕੇ ‘ਚ ਕਮਿਊਨਿਟੀ ਹਾਲ, ਹੈਲਥ ਕਲੱਬ ਅਤੇ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।
ਵਿਧਾਇਕ ਗਰੇਵਾਲ ਨੇ ਬੈਠਕ ਦੌਰਾਨ ਹਲਕੇ ਅੰਦਰ ਬਣੀਆਂ ਮਾਰਕੀਟਾਂ, ਚੋਰਾਹਿਆਂ ਅਤੇ ਪਾਰਕਾਂ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਹਲਕੇ ਦੇ ਕਮਿਊਨਿਟੀ ਹਾਲ ਅਤੇ ਹਲਕੇ ਅੰਦਰ ਇੱਕ ਨਵੇਂ ਹੈਲਥ ਕਲੱਬ ਦਾ ਉਦਘਾਟਨ ਕੀਤਾ ਜਾਵੇਗਾ।
ਬੈਠਕ ਦੌਰਾਨ ਗਲਾਡਾ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਹਨਾਂ ਕੰਮਾਂ ਦੀ ਜਲਦ ਹੀ ਸ਼ੁਰੂਆਤ ਕਰ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਵੱਖ-ਵੱਖ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਲਕੇ ਅੰਦਰ ਬਣ ਰਹੀਆਂ ਨਜਾਇਜ਼ ਕਲੋਨੀਆਂ ਸਬੰਧੀ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇ ਕੋਈ ਨਜਾਇਜ਼ ਕਲੋਨੀ ਬਣਾ ਰਿਹਾ ਹੈ ਤਾਂ ਉਸਨੂੰ ਪੂਰਨ ਤੌਰ ਤੇ ਬੰਦ ਕੀਤਾ ਜਾਵੇ।
ਵਿਧਾਇਕ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਇਮਾਨਦਾਰੀ ਰਾਜ ਦੇ ਨਾਲ ਨਾਲ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਉਣਾ ਹੈ।
ਬੈਠਕ ਦੌਰਾਨ ਹਾਜ਼ਰ ਗਲਾਡਾ ਦੇ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਅੰਦਰ ਹੋਣ ਵਾਲੇ ਕੰਮਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਸਾਰੇ ਹੀ ਕੰਮਾਂ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।