ਲੁਧਿਆਣਾ, 24 ਜੁਲਾਈ (000) – ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਦਿਆਂ ਆਪਣੇ ਹਲਕੇ ਦੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।
ਵਿਧਾਇਕ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਨੂੰ ਸਰਕਾਰੀ ਦਫ਼ਤਰਾਂ ਵਿੱਚ ਪ੍ਰਸ਼ਾਸ਼ਕੀ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੀ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਰਹੇ ਵਿਕਾਸ ਕਾਰਜ਼ਾਂ ਸਬੰਧੀ ਵੀ ਗੱਲਬਾਤ ਕੀਤੀ ਅਤੇ ਕਿਹਾ ਇਨ੍ਹਾਂ ਕੰਮਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਵਸਨੀਕ ਇਨ੍ਹਾਂ ਦਾ ਲਾਭ ਲੈ ਸਕਣ।
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਪ੍ਰਸ਼ਾਸ਼ਕੀ ਸੇਵਾਵਾਂ ਘਰ ਦੇ ਬੂਹੇ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਰਾਹੀਂ ਲੱਗ ਰਹੇ ਕੈਂਪਾਂ ਦਾ ਵਸਨੀਕ ਭਰਪੂਰ ਲਾਹਾ ਲੈ ਰਹੇ ਹਨ।
ਡਿਪਟੀ ਕਮਿਸ਼ਨਰ ਸਾਕਸ਼਼ੀ ਸਾਹਨੀ ਵਲੋਂ ਵੀ ਵਿਧਾਇਕ ਗਿਆਸਪੁਰਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਇਲਾਕਾ ਨਿਵਾਸੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।