ਮੋਗਾ, 26 ਦਸੰਬਰ –
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ – ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਅੱਜ ਨਿਹਾਲ ਸਿੰਘ ਵਾਲਾ ਤੋਂ ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਰਵਾਨਾ ਕਰਨ ਮੌਕੇ ਕੀਤਾ।
ਗੱਲਬਾਤ ਕਰਦਿਆਂ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ’ ਦੀ ਸ਼ੁਰੂਆਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਹਰੇਕ ਹਲਕੇ ਤੋਂ 8-8 ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ। ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।
ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ‘ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ । ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।
ਵਿਧਾਇਕ ਬਿਲਾਸਪੁਰ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ਤੇ ਯਕੀਨੀ ਬਣਾਉਣ।
‘ਮੁੱਖ ਮੰਤਰੀ ਤੀਰਥ ਯਾਤਰਾ’ ਦੀ ਵਿਸ਼ੇਸ਼ ਬੱਸ ਨੂੰ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਰਵਾਨਾ
Date: