ਫਿਰੋਜ਼ਪੁਰ, 02 ਫਰਵਰੀ 2024:
ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦਫ਼ਤਰ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ ਅਤੇ ਆਮ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਤੇ ਮਰੀਜਾਂ ਨੂੰ ਇਲਾਜ ਸਬੰਧੀ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨਾਲ ਗੱਲਬਾਤ ਕਰਕੇ ਹਾਲ ਜਾਣਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਿਵਲ ਹਸਪਤਾਲ ਦੀ ਐਮਰਜੰਸੀ ਵਾਰਡ, ਟਰੋਮਾ ਵਾਰਡ, ਜੱਚਾ-ਬੱਚਾ ਵਾਰਡ ਅਤੇ ਓਪੀਡੀ ਆਦਿ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਮੂਹ ਡਾਕਟਰਾਂ ਨੂੰ ਕਿਹਾ ਕਿ ਉਹ ਪੂਰੀ ਸੇਵਾ ਭਾਵਨਾ ਨਾਲ ਮਰੀਜਾਂ ਦਾ ਇਲਾਜ ਕਰਨ ਤਾਂ ਜੋ ਉਨ੍ਹਾਂ ਨੂੰ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਕਰਨ ਦੀ ਹਦਾਇਤ ਕੀਤੀ।ਨਗਰ ਕੌਂਸਲ ਫ਼ਿਰੋਜ਼ਪੁਰ ਵਿਖੇ ਬਣੇ ਸੇਵਾ ਕੇਂਦਰ ਅਤੇ ਦਫ਼ਤਰ ਨਗਰ ਕੌਂਸਲ ਵਿਖੇ ਦਿੱਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਬਾਰੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਜਾਣਕਾਰੀ ਲਈ ਤੇ ਹਦਾਇਤ ਕੀਤੀ ਕਿ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਮਿੱਥੇ ਸਮੇਂ ਵਿੱਚ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਡਿਊਟੀ ’ਚ ਕੁਤਾਹੀ ਵਰਤਣ ਵਾਲੇ ਤੇ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰ ਰਵੱਈਆ ਰੱਖਣ ਵਾਲਿਆਂ ਕਾਰਨ ਇਨ੍ਹਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਜਿਸ ਤਹਿਤ ਸਿਹਤ ਸਹੂਲਤਾ ਵਿਚ ਵੱਡਾ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਵਧੀਆ ਸਹੂਲਤਾਂ ਮਿਲ ਰਹੀਆਂ ਹਨ।