ਲੁਧਿਆਣਾ, 07 ਦਸੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 44 ਅਧੀਨ ਫੇਸ-2, ਦੁੱਗਰੀ ਵਿਖੇ 300 ਯੂ.ਪੀ.ਵੀ.ਸੀ. ਸਟੌਰਮ ਸੀਵਰ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ‘ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ।
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 33 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।