ਐਸ.ਏ.ਐਸ.ਨਗਰ, 30 ਅਗਸਤ, 2024:
ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਜਿਹੀ ਸੰਸਥਾ/ਹਿੱਸੇਦਾਰ ਨਾਲ ਸਹਿਯੋਗ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ ਜੋ ਤਨਦੇਹੀ ਨਾਲ ਕੰਮ ਕਰ ਕੇ ਭਲਾਈ ਸਕੀਮਾਂ ਨੂੰ ਆਖਰੀ ਕਤਾਰ ਤੱਕ ਪਹੁੰਚਾਇਆ ਜਾ ਸਕੇ ਅਤੇ ਵਿਆਪਕ ਤੇ ਪ੍ਰਭਾਵ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਭਾਵੇਂ ਸੇਵਾ ਕੇਂਦਰ ਅਤੇ ਸੁਵਿਧਾ ਕੈਂਪ ਪਹਿਲਾਂ ਹੀ ਇਸ ਉਦੇਸ਼ ਦੀ ਪੂਰਤੀ ਕਰਦੇ ਆ ਰਹੇ ਹਨ, ਪਰ ਇਹ ਮਹਿਸੂਸ ਕੀਤਾ ਗਿਆ ਹੈ ਕਿ ਕਤਾਰ ਵਿਚਲੇ ਆਖਰੀ ਵਿਅਕਤੀ ਤੱਕ ਪਹੁੰਚ ਕਰਕੇ ਹੋਰ ਲਾਭਪਾਤਰੀਆਂ ਨੂੰ ਜੋੜਨ ਵਿਚ ਅਜਿਹੀ ਸੰਸਥਾ ਮਦਦਗਾਰ ਸਾਬਤ ਹੋ ਸਕਦੀ ਹੈ।
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ ਵੱਲੋਂ ਚਲਾਈ ਜਾ ਰਹੀ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵਰਗੀ ਲਾਹੇਵੰਦ ਸਕੀਮ ਦੀ ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਰਜਿਸਟਰਡ ਕਾਮਿਆਂ ਲਈ ਅਸੀਮਤ ਵਿੱਤੀ ਲਾਭ ਹਨ ਪਰ ਜਾਗਰੂਕਤਾ ਦੀ ਘਾਟ ਕਾਰਨ, ਇਨ੍ਹਾਂ ਵਿੱਚੋਂ ਕਈ ਅਜੇ ਵੀ ਲਾਭਾਂ ਤੋਂ ਵਾਂਝੇ ਹਨ। ਅਜਿਹੇ ਲਾਭਪਾਤਰੀਆਂ ਤੱਕ ਪਹੁੰਚਣ ਲਈ, ਅਸੀਂ ਅਜਿਹੇ ਹਿੱਸੇਦਾਰਾਂ ਨਾਲ ਤਾਲਮੇਲ ਕਰਨ ਦੀਆਂ ਸੰਭਾਵਨਾਵਾਂ ਦੀ ਤਲਾਸ਼ ਕਰ ਰਹੇ ਹਾਂ ਜੋ ਗਰੀਬ ਮਜ਼ਦੂਰਾਂ ਨੂੰ ਜਾਗਰੂਕ ਕਰਕੇ ਅਤੇ ਉਨ੍ਹਾਂ ਦੀ ਬਣਦੀ ਸਹੂਲਤ ਦੇ ਕੇ ਯੋਜਨਾਵਾਂ ਤੱਕ ਪਹੁੰਚ ਯਕੀਨੀ ਬਣਾ ਸਕਦੇ ਹਨ।
ਇਸੇ ਤਰ੍ਹਾਂ, ਔਰਤਾਂ ਨੂੰ ਵਿੱਤੀ ਤੌਰ ‘ਤੇ ਮਜ਼ਬੂਤ ਕਰਨ ਲਈ ਕਈ ਸਵੈ-ਸਹਾਇਤਾ ਸਮੂਹ ਹਨ ਪਰ ਉਹ ਨਹੀਂ ਜਾਣਦੇ ਕਿ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ, ਜੀ ਐਸ ਟੀ ਵਿਭਾਗ ਅਤੇ ਮਾਈਕਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ ਮੰਤਰਾਲੇ ਦੀ ਉਦਯਮ ਯੋਜਨਾ ਨਾਲ ਰਜਿਸਟ੍ਰੇਸ਼ਨ ਕਿਵੇਂ ਹਾਸਲ ਕਰਨੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ, “ਅਸੀਂ ਇਸ ਖੇਤਰ ਵਿੱਚ ਕੰਮ ਕਰ ਰਹੀਆਂ ਬਹੁਤ ਸਾਰੀਆਂ ਸੰਸਥਾਵਾਂ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਵਿੱਚੋਂ ਕਿਸੇ ਇੱਕ ਨਾਲ ਸਹਿਯੋਗ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ, ਅਜਿਹੀ ਹੀ ਇੱਕ ਸੰਸਥਾ ਹੱਕਦਰਸ਼ਕ ਨੇ ਆਪਣੀ ਪੇਸ਼ਕਾਰੀ ਦਿੱਤੀ ਹੈ ਅਤੇ ਅਸੀਂ ਇੱਕ ਤੋਂ ਬਾਅਦ ਇੱਕ, ਸਾਰਿਆਂ ਦੀ ਮੀਟਿੰਗ ਕਰਨ ਤੋਂ ਬਾਅਦ ਹੀ ਫੈਸਲਾ ਕਰਾਂਗੇ।
ਮੋਹਾਲੀ ਪ੍ਰਸ਼ਾਸਨ ਨੇ ਇਮਾਰਤੀ ਅਤੇ ਹੋਰ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਵੱਖ ਵੱਖ ਸੰਸਥਾਵਾਂ ਨਾਲ ਮਿਲ ਕੇ ਸੰਭਾਵਨਾਵਾਂ ਦਾ ਪਤਾ ਲਗਾਉਣਾ ਸ਼ੁਰੂ ਕੀਤਾ
Date: