ਚੰਡੀਗੜ੍ਹ, 1 ਅਗਸਤ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਭਲਕੇ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।