ਮਾਨਸਾ, 19 ਜੂਨ:
ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਇਸ ਸਬੰਧੀ ਲੋੜੀਂਦੇ ਕਾਰਜ ਸਮਾਂਬੱਧ ਨੇਪਰੇ ਚਾੜ੍ਹਨ ਲਈ ਕਿਹਾ।
ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਸਬ-ਡਵੀਜ਼ਨ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਤਾਂ ਜੋ ਬਰਸਾਤਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਡਰੇਨਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਜਿੱਥੇ ਕਿਧਰੇ ਵੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ, ਉਥੇ ਤੁਰੰਤ ਸਫਾਈ ਕਰਵਾਕੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਬਿਮਾਰੀਆਂ ਨਾ ਫੈਲ ਸਕਣ।
ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਹੜ੍ਹ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01652-229082 ’ਤੇ ਸੰਪਰਕ ਕਰਕੇ ਹੜ੍ਹਾਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਸੜਕਾਂ ’ਤੇ ਆਉਂਦੀਆਂ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਂ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲ ਸਾਫ਼ ਕੀਤੇ ਜਾਣ।
ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਲੋੜੀਂਦੀਆਂ ਦਵਾਈਆਂ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹੜ੍ਹਾਂ ਦੌਰਾਨ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੱਗਰ ਸਮੇਤ ਸਾਰੇ ਕੁਦਰਤੀ ਜਲ ਸਰੋਤ ਸਾਧਨਾਂ ਦੇ ਕੰਢੇ ਮਜ਼ਬੂਤ ਕੀਤੇ ਜਾਣ ਦੇ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣ ਅਤੇ ਉਨ੍ਹਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਸ਼ਤੀਆਂ, ਜੈਕਟਾਂ ਤੇ ਜੇਸੀਬੀ ਮਸ਼ੀਨਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਐਨ.ਡੀ.ਆਰ.ਐਫ. ਅਤੇ ਹੋਮਗਾਰਡਜ਼ ਨਾਲ ਵੀ ਰਾਬਤਾ ਰੱਖਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਪੀ. ਸ੍ਰੀ ਜਸਕੀਰਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਰੂਰੀ ਪ੍ਰਬੰਧ ਮੁਕੰਮਲ ਰੱਖੇ ਜਾਣ-ਡਿਪਟੀ ਕਮਿਸ਼ਨਰ
[wpadcenter_ad id='4448' align='none']