ਵਿਕਾਸ ਦੇ ਕਾਰਜਾਂ ਚ ਅਣਗਹਿਲੀ ਤੇ ਦੇਰੀ ਨਹੀਂ ਹੋਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ

ਬਠਿੰਡਾ, 20 ਫਰਵਰੀ : ਜ਼ਿਲ੍ਹੇ ਅਧੀਨ ਚ ਚੱਲ ਰਹੇ ਵਿਕਾਸ ਕਾਰਜਾਂ ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ ਚ ਦੇਰੀ ਤੇ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

          ਇਸ ਦੌਰਾਨ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਭਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੋ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ।

         ਇਸ ਤੋਂ ਪਹਿਲਾਂ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਰਿਕਵਰੀ ਕੇਸਾਂ, ਲੰਬਿਤ ਹੱਦਬੰਦੀਆਂ, ਝਗੜੇ ਵਾਲੇ ਇੰਤਕਾਲਾਂ, ਤੋਂ ਇਲਾਵਾ ਸ਼ਾਮਲਾਟਾਂ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਹਟਾਉਣ ਅਤੇ ਖਾਨਗੀ ਤਕਸੀਮਾਂ ਆਦਿ ਸਬੰਧੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੈਂਡਿੰਗ ਪਏ ਕੇਸਾਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਉਣ ਦੇ ਨਿਰਦੇਸ਼ ਦਿੱਤੇ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਭਰ ਚ ਸਕੂਲਾਂ ਚ ਚੱਲ ਰਹੇ ਵਿਕਾਸ ਦੇ ਕਾਰਜ ਸਮੇਂ-ਸਿਰ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਸੇਫ਼ ਸਕੂਲ ਵਾਹਨ ਕਮੇਟੀ ਦੀ ਮੀਟਿੰਗ ਕਰਦਿਆਂ ਕਿਹਾ ਕਿ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਊਣਤਾਈਆਂ ਪਾਏ ਜਾਣ ਤੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।   

ਇਸ ਤੋਂ ਪਹਿਲਾਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਿਹਤ ਪ੍ਰੋਗ੍ਰਾਮਾਂ ਅਤੇ ਰਿਪੋਰਟਾਂ ਸਬੰਧੀ ਸਮੀਖਿਆ ਕੀਤੀ। ਇਸ ਦੌਰਾਨ ਟੀਕਾਕਰਣ, ਪਰਿਵਾਰ ਨਿਯੋਜਨ, ਆਈ.ਡੀ.ਐਸ.ਪੀ., ਐਨ.ਵੀ.ਬੀ.ਡੀ.ਸੀ.ਪੀ., ਟੀ.ਬੀ., ਨਸ਼ਾ ਛੁਡਾਊ, ਤੰਬਾਕੂ ਕੰਟਰੋਲ, ਫੂਡ ਸੈਂਪਲਿੰਗ, ਕੋਰੋਨਾ, ਡਰੱਗ ਬ੍ਰਾਂਚ ਅਤੇ ਹੋਰ ਪ੍ਰੋਗ੍ਰਾਮਾਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ਤੇ ਇਹ ਵੀ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨੂੰ ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਟੀਚਿਆਂ ਨੂੰ ਵੀ ਸਮੇਂ-ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। 

ਇਸ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕਰਦਿਆਂ 3, 4 ਅਤੇ 5 ਮਾਰਚ ਨੂੰ ਨੈਸ਼ਨਲ ਪਲਸ ਪੋਲੀਓ ਰਾਊਂਡ ਦੌਰਾਨ ਸਮੂਹ ਵਿਭਾਗਾਂ ਨੂੰ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਦੇਣ ਲਈ ਵੀ ਕਿਹਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਵੀ ਅਪੀਲ ਕੀਤੀ, ਬੇਸ਼ੱਕ ਬੱਚਾ ਰੂਟੀਨ ਦੀਆਂ ਬੂੰਦਾਂ ਲੈ ਚੁੱਕਾ ਹੋਵੇ, ਭਾਵੇਂ ਬੱਚਾ ਬਿਮਾਰ ਹੋਵ, ਭਾਵੇਂ ਦਸਤ ਲੱਗੇ ਹੋਣ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ, ਸਹਾਇਕ ਕਮਿਸ਼ਨਰ ਸ਼੍ਰੀ ਪੰਕਜ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਸੰਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਡਾ. ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ, ਡਾ ਸੁਖਜਿੰਦਰ ਸਿੰਘ ਗਿੱਲ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰੋਜ਼ੀ ਅਗਰਵਾਲ, ਡਾ ਰੂਪਾਲੀ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੋਂ ਇਲਾਵਾ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

[wpadcenter_ad id='4448' align='none']