ਮਾਨਸਾ, 08 ਜਨਵਰੀ:
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਕਾਨਫਰੰਸ ਰੂਮ ਵਿਖੇ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਐਸ.ਡੀ.ਐਮ ਮਾਨਸਾ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਅਤੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਹਾਜ਼ਰ ਸਨ।
ਡਵੀਜ਼ਨਲ ਕਮਿਸ਼ਨਰ ਮਨਜੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਮਨਸ਼ਾ ਹੈ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਅੰਦਰ ਹੋਣ ਵਾਲੇ ਕੰਮਾਂ ਨੂੰ ਸਮੇਂ ਨਾਲ ਨਜਿੱਠਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮੂਹ ਤਹਿਸਲੀਦਾਰ, ਨਾਇਬ ਤਹਿਸੀਲਦਾਰ ਸਮੇਤ ਸਬੰਧਤ ਅਧਿਕਾਰੀ ਗਿਰਦਾਵਰੀ ਕੇਸਾਂ ’ਚ ਨਿੱਜੀ ਤੌਰ ’ਤੇ ਪਿੰਡਾਂ ਵਿੱਚ ਜਾ ਕੇ ਮੌਕਾ ਵੇਖ ਕੇ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਅਤੇ ਢਿੱਲਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਾਖੂਬੀ ਨਿਪਟਾਉਣ ਲਈ ਕਾਨੂੰਗੋ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ 47 ਏ ਦੇ ਰਿਕਵਰੀ ਕੇਸਾਂ ’ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਦੀ ਅਦਾਲਤਾਂ ’ਚ ਚਲ ਰਹੇ ਝਗੜੇ ਵਾਲੇ ਇੰਤਕਾਲਾਂ ਦਾ ਪਹਿਲਕਦਮੀ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਵਾਤਾਵਰਣ ਕਮੇਟੀ ’ਚ ਸ਼ਾਮਲ ਵੱਖ ਵੱਖ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਕਾਰਜਸਾਧਕ ਅਫ਼ਸਰਾਂ ਤੋਂ ਸ਼ਹਿਰਾਂ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਪਿੰਡ ਪੱਧਰ ’ਤੇ ਡੋਰ ਟੂ ਡੋਰ ਇਕੱਤਰ ਕੀਤੇ ਜਾ ਰਹੇ ਗਿੱਲੇ ਤੇ ਸੁੱਕੇ ਕੂੜੇ, ਸਾਫ ਸਫਾਈ, ਛੱਪੜਾਂ ਦੇ ਨਵੀਨੀਕਰਨ ਦੇ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਲਈ।
ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਵਾਤਾਵਰਣ ਨੂੰ ਸਾਫ ਸੁੱਥਰਾ ਬਣਾਉਣ ਲਈ ਲੋਕ ਹਿਤ ਦੇ ਇਸ ਕਾਰਜ ਵਿਚ ਡਿਊਟੀ ਤੋਂ ਉੱਪਰ ਉੱਠ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਸ਼ਹਿਰਾਂ ਅਤੇ ਪਿੰਡਾਂ ਵਿਚ ਹੱਡਾਰੋੜੀ ਵਾਲੀਆਂ ਥਾਵਾਂ ’ਤੇ ਚਾਰਦੀਵਾਰੀ ਕਰਵਾਉਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਕਾਰਜਸਾਧਕ ਅਫ਼ਸਰਾਂ ਸਮੇਤ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਅਜਿਹੀ ਗ਼ੈਰਮਿਆਰੀ ਸਮੱਗਰੀ ਦੇ ਵੱਧ ਤੋਂ ਵੱਧ ਚਲਾਣ ਕੀਤੇ ਜਾਣ।
ਇਸ ਤੋਂ ਪਹਿਲਾਂ ਉਨ੍ਹਾਂ ਸਪੈਸ਼ਲ ਸਮਰੀ ਰਿਵੀਜ਼ਨ 2024 ਬਾਰੇ ਜਾਣਕਾਰੀ ਲੈਂਦਿਆਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਸ ਸੁਧਾਈ ਦੌਰਾਨ ਆਮ ਜਨਤਾ ਤੋਂ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾ ਮੁਤਾਬਿਕ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵੀਰ ਕੌਰ, ਕਾਰਜਸਾਧਕ ਅਫ਼ਸਰ ਅਸ਼ੀਸ਼ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ, ਐਕਸੀਅਨ ਸਰੂਪ ਸਿੰਘ, ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸਾਹਿਲ ਗੋਇਲ, ਸੁਪਰਡੰਟ ਜਗਸੀਰ ਸਿੰਘ, ਸੀ.ਐਫ. ਜਸਵਿੰਦਰ ਸਿੰਘ, ਸੈਨੇਟਰੀ ਸੁਪਰਵਾਈਜ਼ਰ ਤਰਸੇਮ ਸਿੰਘ, ਚੋਣ ਕਾਨੂੰਗੋ ਵਰੁਣ ਗੋਇਲ, ਚੋਣ ਕਾਨੂੰਗੋ ਅਮਨਦੀਪ ਸਿੰਘ ਸਮੇਤ ਸਮੂਹ ਤਹਿਸੀਲਦਾਰ, ਨਾਇਬ ਤਹਿਸਲੀਦਾਰ ਅਤੇ ਹੋਰ ਵਿਭਾਗੀ ਅਧਿਕਾਰੀ ਹਾਜਰ ਸਨ।
ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣਾ ਯਕੀਨੀ ਬਣਾਉਣ ਅਧਿਕਾਰੀ-ਡਵੀਜ਼ਨਲ ਕਮਿਸ਼ਨਰ
[wpadcenter_ad id='4448' align='none']