ਚੰਡੀਗੜ੍ਹ, 20 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਅੱਜ ਪੰਜਵੇਂ ਦਿਨ, ਪੰਜਾਬ ਪੁਲਿਸ ਵੱਲੋਂ ਵੱਡੇ ਨਸ਼ਾ ਤਸਕਰਾਂ ਜਾਂ ਵੱਡੀਆਂ ਮੱਛੀਆਂ, ਜੋ ਇਸ ਸਮੇਂ ਜ਼ਮਾਨਤ ‘ਤੇ ਬਾਹਰ ਹਨ, ‘ਤੇ ਸ਼ਿਕੰਜਾ ਕੱਸਦਿਆਂ ਸੂਬੇ ਭਰ ਵਿੱਚ ਸਥਿਤ ਉਹਨਾਂ ਦੇ ਸੁਰੱਖਿਅਤ ਟਿਕਾਣਿਆਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਵੱਡੀਆਂ ਮੱਛੀਆਂ ਵਿੱਚ ਉਹ ਨਸ਼ਾ ਤਸਕਰ ਆਉਂਦੇ ਹਨ, ਜੋ 2 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਜਾਂਦੇ ਹਨ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸੂਬੇ ਵਿੱਚ 257 ਐਨਡੀਪੀਐਸ ਕੇਸਾਂ ਵਿੱਚ 356 ਵੱਡੇ ਨਸ਼ਾ ਤਸਕਰ 2 ਕਿਲੋ ਜਾਂ ਇਸ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਹਨ, ਜਿਨ੍ਹਾਂ ਵਿੱਚੋਂ 246 ਦੋਸ਼ੀ ਜ਼ਮਾਨਤ ‘ਤੇ ਬਾਹਰ ਹਨ ਅਤੇ ਪਿਛਲੇ ਪੰਜ ਸਾਲਾਂ ਤੋਂ ਸਰਗਰਮ ਹਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਚਲਾਏ ਜਾ ਰਹੇ ਇਸ ਆਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ 246 ਵੱਡੇ ਨਸ਼ਾ ਤਸਕਰਾਂ ਦੀ ਸੂਚੀ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਹਨਾਂ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਕੇ ਤਲਾਸ਼ੀ ਅਭਿਆਨ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਲਈ ਪੁਲਿਸ ਟੀਮਾਂ ਨੂੰ ਆਪ੍ਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲੈਣ ਅਤੇ ਉਹਨਾਂ ਕੋਲੋਂ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਸਮੱਗਰੀ/ਇਲੈਕਟ੍ਰਾਨਿਕ ਉਪਕਰਨਾਂ ਦੀ ਭਾਲ ਲਈ ਤਲਾਸ਼ੀ ਲੈਣ ਲਈ ਵੀ ਕਿਹਾ ਗਿਆ ਸੀ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 113 ਤੋਂ ਵੱਧ ਪੁਲਿਸ ਪਾਰਟੀਆਂ ਨੇ 246 ਵੱਡੇ ਤਸਕਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ ਉਹਨਾਂ ਵਿੱਚੋਂ 188 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਮੋਬਾਈਲ ਫੋਨਾਂ ਸਮੇਤ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕੀਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਦੌਰਾਨ ਇਕੱਠੀ ਕੀਤੀ ਗਈ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਅਜਿਹੀਆਂ ਛਾਪੇਮਾਰੀਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਦਿਆਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ।