ਫਰੀਦਕੋਟ, 30 ਅਗਸਤ 2024 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਜੈਤੋ ਦੇ ਬਰਾੜ ਪੈਲੇਸ ਬਾਜਾਖਾਨਾ ਰੋਡ ਵਿੱਚ ਲਗਾਇਆ ਗਿਆ।
ਇਸ ਕੈਂਪ ਵਿੱਚ ਹਲਕਾ ਵਿਧਾਇਕ ਸ੍ਰੀ ਅਮੋਲਕ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਕੀਤੀ । ਕੈਂਪ ਦੀ ਇਹ ਵਿਸ਼ੇਸ਼ਤਾ ਰਹੀ ਕਿ ਖੇਤੀਬਾੜੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਕੋ ਮੰਚ ਤੋਂ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਸ ਕੈਂਪ ਮੌਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵਿੱਚ ਵਰਤੀ ਜਾਂਦੀ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ । ਨਾਟਕ ਮੰਡਲੀ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਦਿੰਦਾ ਨੁੱਕੜ ਨਾਟਕ ਵੀ ਖੇਡਿਆ ਗਿਆ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਅਮੋਲਕ ਸਿੰਘ ਨੇ ਕਿਹਾ ਕਿ ਖੇਤੀ ਸਭ ਤੋ ਮਾਣ-ਮੱਤਾ ਕਿੱਤਾ ਹੈ ਅਤੇ ਕਿਸਾਨੀ ਨੂੰ ਆਪਣੇ ਵਿਰਸੇ ਨਾਲ ਜੁੜ ਕੇ ਮਾਣ ਮਹਿਸੂਸ ਕਰਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮਾਹਿਰਾਂ ਨਾਲ ਜੁੜ ਕੇ ਉਨ੍ਹਾਂ ਦੀ ਸਲਾਹ ਨਾਲ ਖੇਤੀ ਕਰਨ। ਉਨ੍ਹਾਂ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋ ਅੱਗ ਲੱਗਣ ਕਾਰਨ ਖਤਮ ਹੋ ਜਾਂਦੇ ਹਨ। ਉਨਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਨੂੰ ਜ਼ਮੀਨ ਵਿਚ ਵਾਪਿਸ ਕਰਨ ਦੀ ਜ਼ਰੂਰਤ ਹੈ ਤਾਂ ਜੋ ਖੁਰਾਕੀ ਤੱਤਾਂ ਨਾਲ ਭਰਪੂਰ ਅਨਾਜ ਪੈਦਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸੀਨਰੀ ਸਬਸਿਡੀ ਤੇ ਦਿੱਤੀ ਜਾ ਰਹੀ ਹੈ ।
ਮੁੱਖ ਖ਼ੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 2022 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨਾਂ ਕਿਹਾ ਕਿ ਪਿਛਲੇ ਸਾਲ ਜੈਤੋ ਪੇਂਡੂ ਵਿਚ 82 ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ ਕੀਤੇ ਗਏ ਜੋਂ ਜ਼ਿਲਾ ਫਰੀਦਕੋਟ ਵਿੱਚ ਸਭ ਤੋਂ ਵੱਧ ਸਨ । ਉਨਾਂ ਦੱਸਿਆ ਕਿ 21 ਪਿੰਡ ਅਜਿਹੇ ਹਨ ਜਿਨ੍ਹਾਂ ਵਿਚ ਅੱਗ ਲਗਨ ਦੀਆਂ ਘਟਨਾਵਾਂ ਦਰਜ ਹੋਈਆਂ ਅਤੇ ਇਹ ਪਿੰਡ ਹਾਟ ਸਪਾਟ ਪਿੰਡ ਐਲਾਨੇ ਗਏ ਹਨ । ਉਨਾਂ ਦੱਸਿਆ ਕਿ ਚਾਲੂ ਸਾਲ 2024-25 ਦੌਰਾਨ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੀ ਪੱਧਰ ਤੇ ਜਾਗਰੁਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਦੇ ਇਛੁੱਕ 351 ਲਾਭਪਾਤਰੀ ਕਿਸਾਨਾਂ ਵੱਲੋਂ ਅਪਲਾਈ ਕੀਤਾ ਗਿਆ ਸੀ ਅਤੇ ਜਿਨ੍ਹਾਂ ਬਿਨੈਕਾਰਾਂ ਦੇ ਕਾਗਜ਼ਾਤ ਦਰੁਸਤ ਪਾਏ ਗਏ ਹਨ ਉਨ੍ਹਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀ ਪੱਤਰ ਦਿੱਤੇ ਜਾ ਰਹੇ ਹਨ।
ਇੰਜ. ਅਕਸ਼ਿਤ ਜੈਨ ਵੱਲੋ ਸੀ ਆਰ ਐਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ । ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਅਫਸਰ ਨੇ ਕਿਸਾਨ ਵੀਰਾਂ ਨੂੰ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਨਵਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਝੋਨੇ/ਬਾਸਮਤੀ ਦੀ ਮੌਜੂਦਾ ਸਥਿਤੀ ਅਤੇ ਅੱਗੇ ਆਉਣ ਵਾਲੀਆ ਬਿਮਾਰੀਆ/ਕੀੜੇ-ਮਕੌੜਿਆ ਦੇ ਹਮਲੇ ਤੇ ਰੋਕਥਾਮ ਸੰਬੰਧੀ ,ਡਾ. ਗੁਰਿੰਦਰਪਾਲ ਸਿੰਘ ਨੇ ਝੋਨੇ ਦਾ ਮਿਆਰੀ ਬੀਜ ਪੈਦਾ ਕਰਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਸੇਠੀ ਬਾਗਬਾਨੀ ਵਿਕਾਸ ਅਫ਼ਸਰ ,ਡਾਕਟਰ ਭੁਪੇਸ਼ ਕੁਮਾਰ ਜੋਸ਼ੀ ਨੇ ਆਤਮਾ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ,ਕਿਸਾਨ ਕਾਕਾ ਸਿੰਘ,ਵਿਸ਼ਵਿੰਦਰ ਸਿੰਘ ,ਜਗਦੀਸ਼ ਸਿੰਘ ਨੇ ਧਰਮਵੀਰ ਸਿੰਘ ਰਾਮੇਆਣਾ ਨੇ ਪਰਾਲੀ ਦੀ ਸੰਭਾਲ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ ।
ਹੋਰਨਾਂ ਤੋਂ ਇਲਾਵਾ ਡਾ.ਨਿਸ਼ਾਨ ਸਿੰਘ ਖੇਤੀਬਾੜੀ ਵਿਕਾਸ ਅਫਸਰ,ਡਾਕਟਰ ਪ੍ਰਿੰਸਦੀਪ ਖ਼ੇਤੀਬਾੜੀ ਵਿਕਾਸ ਅਫ਼ਸਰ ,ਡਾਕਟਰ ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ , ਹਰਸਿਮਰਤ ਮਲਹੋਤਰਾ ਸਿੰਘਸਮੇਤ ਸਮੂਹ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜਿਰ ਸਨ। ਅਖ਼ੀਰ ਵਿਚ ਅਗਾਂਹਵਧੂ ਕਿਸਾਨ ਵਿਸ਼ਿੰਵਦਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਬਾਰੇ ਸਹੁੰ ਚੁਕਾਈ ਗਈ।