ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਮੋਰਾਂਵਾਲੀ ਵਿਖੇ ਕਿਸਾਨ ਮਿਲਣੀ ਦਾ ਆਯੋਜਨ

 ਫ਼ਰੀਦਕੋਟ 5 ਅਕਤੂਬਰ,2024 

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਪਰਾਲੀ ਦੀ ਸੰਭਾਲ ਕਰਨ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਬਲਾਕ ਫ਼ਰੀਦਕੋਟ ਦੇ ਪਿੰਡ ਮੋਰਾਂਵਾਲੀ ਵਿਚ ਕਿਸਾਨ ਮਿਲਣੀ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਓਜਸਵੀ ਆਈ.ਏ.ਐਸ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਸ਼ਿਰਕਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ (ਜ)ਸ੍ਰੀ ਓਜਸਵੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁੱਚਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤਾਂ ਦੀ ਮਿੱਟੀ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਪਰਾਲੀ ਨੂੰ ਅੱਗ ਲੱਗਣ ਕਾਰਨ ਨਿਕਲੇ ਸੂਖਮ ਕਣ ਹਵਾ ਵਿੱਚ ਮਿਲ ਕੇ ਕਈ ਪ੍ਰਕਾਰ ਦੀਆਂ ਭਿਆਨਕ ਬਿਮਾਰੀਆਂ ਜਿਵੇਂ ਦਿਲ,ਅੱਖਾਂ, ਚਮੜੀ ਅਤੇ ਸਾਹ ਆਦਿ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ । ਜਿਸ ਨਾਲ ਬਜ਼ੁਰਗਾਂ,ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਪ੍ਰਭਾਵਤ ਹੁੰਦੀ ਹੈ।

ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਢਾਈ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 2500 ਰੁਪਏ, ਢਾਈ ਤੋਂ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 5000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜ਼ਮੀਨ ਦੀ ਮਾਲਕ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲੱਗਾ ਕੇ ਖੇਤਾਂ ਵਿਚ ਹੀ ਇਸ ਦਾ ਨਿਪਟਾਰਾ ਕਰਕੇ ਵਾਤਾਵਰਨ ਦੀ ਸੰਭਾਲ ਕਰਨ ਵਿੱਚ ਆਪਣਾ ਸਹਿਯੋਗ ਦੇਣ ।

[wpadcenter_ad id='4448' align='none']