ਸ੍ਰੀ ਮੁਕਤਸਰ ਸਾਹਿਬ 14 ਅਕਤੂਬਰ
ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ਼੍ਰੀ ਮੁਕਤਸਰ ਸਾਹਿਬ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਵੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿ਼ਲ੍ਹੇ ਦੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਸਿਵਲ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕੰਮ ਕਰ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ ਨੇ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ’ਤੇ ਸੁਪਰ ਐਸ. ਐਮ. ਐਸ ਲਵਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਅਤੇ ਬਾਸਮਤੀ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਐੱਸ.ਐੱਮ.ਐੱਸ ਯੰਤਰ ਲੱਗੀਆਂ ਕੰਬਾਇਨਾਂ ਨਾਲ ਹੀ ਕਰਵਾਉਣ।
ਉਨਾਂ ਦੱਸਿਆ ਕਿ ਸੂਬੇ ਵਿਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਅਤੇ ਇਸ ਦੇ ਵਾਤਾਵਰਨ ’ਤੇ ਪੈ ਰਹੇ ਮਾਰੂ ਪ੍ਰਭਾਵ ਦੇ ਕਾਰਨ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ 1981 ਦੀ ਧਾਰਾ 31 ਤਹਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਅਨੁਸਾਰ ਸੂਬੇ ਵਿਚ ਝੋਨਾ ਵੱਢਣ ਲਈ ਕੰਬਾਈਨ ਮਾਲਕਾਂ ਨੂੰ ਆਪਣੀਆਂ ਮਸ਼ੀਨਾਂ ’ਤੇ ਸੁਪਰ ਐੱਸ. ਐੱਮ. ਐੱਸ ਲਾਉਣਾ ਪਾਬੰਦ ਕੀਤਾ ਹੋਇਆ ਹੈ ਅਤੇ ਇਸ ਸਿਸਟਮ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜੇਕਰ ਕੋਈ ਕੰਬਾਇਨ ਮਾਲਕ ਜਾਂ ਆਪਰੇਟਰ ਬਿਨ੍ਹਾ ਸੁਪਰ ਐੱਸ.ਐੱਮ.ਐੱਸ ਤੋਂ ਕੰਬਾਇਨ ਚਲਾਉਂਦਾ ਹੈ ਤਾਂ ਉਸ ਨੂੰ ਪਹਿਲੀ ਵਾਰ ਪੰਜਾਹ ਹਜ਼ਾਰ ਰੁਪਏ, ਦੂਜੀ ਵਾਰ ਪਝੰਤਰ ਹਜ਼ਾਰ ਰੁਪਏ ਅਤੇ ਤੀਸਰੀ ਵਾਰ ਉਲੰਘਣਾ ਕਰਨ ਤੇ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਜੇਕਰ ਕੰਬਾਇਨ ਮਾਲਕ ਤੀਸਰੀ ਵਾਰ ਤੋਂ ਬਾਅਦ ਵਾਰ-ਵਾਰ ਇਸ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਹਰ ਵਾਰ ਉਸ ਨੂੰ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ।
ਮੁੱਖ ਖੇਤੀਬਾੜੀ ਅਫਸਰ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਕੰਬਾਈਨਾਂ ’ਤੇ ਸੁਪਰ ਐੱਸ.ਐੱਮ.ਐੱਸ ਲਾਉਣ ਦੀਆਂ ਸਿਫ਼ਾਰਸ਼ਾਂ ਪਹਿਲਾਂ ਹੀ ਕਰ ਚੁੱਕੀ ਹੈ। ਇਹ ਸਿਸਟਮ ਝੋਨਾ ਵੱਢਣ ਮੌਕੇ ਮਸ਼ੀਨ ਵਿਚੋਂ ਨਿਕਲਦੀ ਪਰਾਲੀ ਦਾ ਕੁਤਰਾ ਕਰ ਕੇ ਉੱਥੇ ਹੀ ਖਿਲਾਰ ਦਿੰਦਾ ਹੈ, ਜਿਸ ਨਾਲ ਕਿਸਾਨਾਂ ਨੂੰ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਪਰਾਲੀ ਸਾੜਨ ਦੀ ਲੋੜ ਨਹੀਂ ਰਹਿੰਦੀ। ਕਿਸਾਨ ਬਿਨਾਂ ਪਰਾਲੀ ਸਾੜੇ ਤੋਂ ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿਲ ਡਰਿੱਲ ਆਦਿ ਮਸ਼ੀਨਾਂ ਨਾਲ ਅਗਲੀ ਫ਼ਸਲ ਬੀਜ ਸਕਦੇ ਹਨ ਅਤੇ ਇਨਾਂ ਖੇਤੀ ਸੰਦਾਂ ਨੂੰ ਸਬਸਿਡੀ ਉੱਤੇ ਲੈਣ ਦੇ ਨਾਲ-ਨਾਲ ਕਸਟਮ ਹਾਇਰ ਸੈਂਟਰਾਂ, ਕੇ.ਵੀ.ਕੇ, ਪੰਚਾਇਤਾਂ ਜਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਕਿਰਾਏ ’ਤੇ ਵੀ ਲਿਆ ਜਾ ਸਕਦਾ ਹੈ।
ਜਿ਼ਲ੍ਹੇ ਵਿੱਚ ਝੋਨੇ ਦੀ ਕਟਾਈ ਸੁਪਰ ਐੱਸ.ਐੱਮ.ਐੱਸ ਯੰਤਰ ਲੱਗੀਆਂ ਕੰਬਾਇਨਾਂ ਨਾਲ ਹੀ ਕੀਤੀ ਜਾਵੇ– ਡਿਪਟੀ ਕਮਿਸ਼ਨਰ
[wpadcenter_ad id='4448' align='none']