- ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਦੇ ਨਿਪਟਾਰੇ ਲਈ ਕੇਂਦਰੀ ਅਤੇ ਸੂਬਾ ਸਰਕਾਰਾਂ ਨੂੰ ਸਾਂਝੇ ਯਤਨ ਕਰਨ ਦੀ ਵਕਾਲਤ
- ਠੋਸ ਹੱਲ ਨਾ ਹੋਣ ਸਦਕਾ ਕਿਸਾਨ ਸਾੜਦੇ ਹਨ ਪਰਾਲੀ
- ਪੰਜਾਬ ਨੂੰ ਮੌਕਿਆਂ ਦੇ ਧਰਤੀ ਦੱਸਦਿਆਂ ਖੂਬੀਆਂ ਗਿਣਾਈਆਂ
PADDY STRAW BURNING MENACE ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਵਿੱਚੋਂ ਸੂਬੇ ਦਾ ਬਣਦਾ ਹਿੱਸਾ ਅਤੇ ਪੇਂਡੂ ਵਿਕਾਸ ਫੰਡਾਂ (ਆਰਡੀਐਫ) ਦੇ ਬਕਾਏ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ।
ਮੁੱਖ ਮੰਤਰੀ ਨੇ ਅੱਜ ਇੱਥੇ ਝੋਨੇ ਦੀ ਪਰਾਲੀ ਦੇ ਪ੍ਰਭਾਵੀ ਪ੍ਰਬੰਧਨ ਲਈ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸੂਬਿਆਂ ਦੀ ਵਿੱਤੀ ਸਥਿਰਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਦੇਸ਼ ਦੇ ਵਿਕਾਸ ਵਿੱਚ ਵਿਆਪਕ ਅਤੇ ਅਸਰਦਾਰ ਭੂਮਿਕਾ ਨਿਭਾਉਣ ਲਈ ਤਾਕਤਾਂ ਦੇਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨੂੰ ਟੈਕਸਾਂ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦਾ ਬਕਾਇਆ ਹਿੱਸਾ ਜਾਰੀ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਢੁਕਵੇਂ ਮੰਚ ‘ਤੇ ਚੁੱਕਣ ਲਈ ਕੇਂਦਰੀ ਵਾਤਾਵਰਣ ਮੰਤਰੀ ਭੁਪਿੰਦਰ ਯਾਦਵ ਦੇ ਦਖ਼ਲ ਦੀ ਮੰਗ ਕੀਤੀ। ਝੋਨੇ ਦੀ ਪਰਾਲੀ ਨੂੰ ਅਸਾਸਾ ਦੱਸਦਿਆਂ ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਦੇ ਖਤਰੇ ਦੇ ਪ੍ਰਬੰਧਨ ਲਈ ਟਿਕਾਊ ਵਿਧੀ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਠੋਸ ਢੰਗ-ਤਰੀਕਿਆਂ ਦੀ ਘਾਟ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪਹਿਲਾਂ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ ਕਿਉਂ ਜੋ ਇਸ ਦਾ ਖਮਿਆਜ਼ਾ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਪਰਾਲੀ ਦੀ ਖਰੀਦ ਨੂੰ ਯਕੀਨੀ ਬਣਾ ਕੇ ਇਸ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਜ ਯੋਜਨਾ ਤਿਆਰ ਕਰਕੇ ਆਪਸੀ ਸਹਿਯੋਗ ਕਰਨ ਦੀ ਲੋੜ ਹੈ। ਵਰਬੀਓ ਕੰਪਨੀ ਦੀ ਮਿਸਾਲ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਕੰਪਨੀ ਨੇ 47 ਹਜ਼ਾਰ ਏਕੜ ਵਿੱਚ ਪਰਾਲੀ ਨੂੰ ਸੰਭਾਲਣ ਦਾ ਬੀੜਾ ਚੁੱਕਿਆ ਹੈ ਅਤੇ ਅਜਿਹੀਆਂ ਕੰਪਨੀਆਂ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੱਸਿਆ ਨਾਲ ਨਿਪਟਣ ਲਈ ਸੂਬਾ ਸਰਕਾਰ ਨੇ ਖੇਤੀ ਵਿਭਿੰਨਤਾ ਨੂੰ ਪ੍ਰੇਰਿਤ ਕਰਨ ਵਾਸਤੇ ਸਾਰੀਆਂ ਫਸਲਾਂ ਦੇ ਨਿਸ਼ਚਿਤ ਭਾਅ ਦੀ ਵੱਡੀ ਜ਼ਿੰਮੇਵਾਰੀ ਪਹਿਲਾਂ ਹੀ ਚੁੱਕੀ ਹੋਈ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਇਸ ਸਮੱਸਿਆ ਨਾਲ ਨਜਿੱਠਣ ਦਾ ਹੱਲ ਨਹੀਂ ਹੈ ਕਿਉਂਕਿ ਇਸ ਵਿੱਚ ਸਮਾਜਿਕ ਤੌਰ ਉਤੇ ਨਮੋਸ਼ੀ ਜੁੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਪੂਰੀ ਤਰ੍ਹਾਂ ਖੇਤੀ ‘ਤੇ ਨਿਰਭਰਤਾ ਹੀ ਕਿਸਾਨ ਖੁਦਕੁਸ਼ੀਆਂ ਦਾ ਮੁੱਖ ਕਾਰਨ ਹੈ।
ਕੇਂਦਰੀ ਮੰਤਰੀ ਨੂੰ ਸੂਬੇ ਦੀ ਅਮੀਰ ਵਿਰਾਸਤ ਬਾਰੇ ਯਾਦ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਆਜ਼ਾਦੀ ਸੰਗਰਾਮ ਦੇ ਬਹਾਦਰ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋਂ ਮੁਕਤ ਹੋਣ ਲਈ ਮਿਸਾਲੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤੱਥ ਰਿਕਾਰਡ ‘ਤੇ ਹੈ ਕਿ ਜਿਨ੍ਹਾਂ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਉਨ੍ਹਾਂ ਵਿਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ ਸੂਬੇ ਦੀ ਪੁਰਾਤਨ ਸ਼ਾਨ ਜਲਦੀ ਹੀ ਬਹਾਲ ਹੋ ਜਾਵੇਗੀ। PADDY STRAW BURNING MENACE
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹਨ ਜੋ ਸੂਬੇ ਨੂੰ ਉਦਯੋਗਿਕ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਹਰ ਸੰਭਵ ਯਤਨ ਕਰਨ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਵਿਸ਼ਵ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਵਿੱਚ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਲੋੜ ਹੈ। ਆਪਣੀ ਕਿਸਮ ਦੀ ਪਹਿਲੀ ‘ਕਿਸਾਨ-ਮਿਲਣੀ’ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਸਮੁੱਚੇ ਕਿਸਾਨ ਭਾਈਚਾਰੇ ਨੂੰ ਦਰਪੇਸ਼ ਹਰ ਸਮੱਸਿਆ ਦਾ ਹੱਲ ਜਾਣਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਲੱਭਣ ਲਈ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਹੈ।
ਫਸਲੀ ਚੱਕਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਝੋਨੇ ਦੀਆਂ ਅਜਿਹੀਆਂ ਕਿਸਮਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਪੱਕਣ ਲਈ ਘੱਟ ਤੋਂ ਘੱਟ ਸਮਾਂ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਗੰਨਾ, ਝੋਨੇ ਦਾ ਸਾਰਥਕ ਬਦਲ ਹੈ ਪਰ ਇਸ ਨੂੰ ਵੇਚਣ ਲਈ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਕਾਸ਼ਤ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਵੱਡੇ ਯਤਨ ਕਰ ਰਹੀ ਹੈ। PADDY STRAW BURNING MENACE
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ੂਗਰਫੈੱਡ ਵੱਲੋਂ ਕਿਸਾਨਾਂ ਦੇ ਸਾਰੇ ਬਕਾਏ ਪਹਿਲਾਂ ਹੀ ਨਿਪਟਾ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ‘ਤੇ ਗੰਨੇ ਦੀ ਖਰੀਦ ਕੀਤੀ ਹੈ।
ਪੰਜਾਬ ਨੂੰ ਮੌਕਿਆਂ ਦੀ ਧਰਤੀ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਈ ਕੰਪਨੀਆਂ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਆਧਾਰ ਹਨ।
ਇਸ ਤੋਂ ਪਹਿਲਾਂ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਾਨਫਰੰਸ ਵਿੱਚ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਆਪਣੇ ਵਿਭਾਗ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਜਿਵੇਂ ਕਿ ਫਸਲ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿਚ ਜਾਂ ਖੇਤਾਂ ਤੋਂ ਬਾਹਰ ਨਿਪਟਾਰਾ ਦਾ ਜ਼ਿਕਰ ਵੀ ਕੀਤਾ। ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਇਸ ਰੁਝਾਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੀ ਹੈ ਅਤੇ ਉਨ੍ਹਾਂ ਦਾ ਸਨਮਾਨ ਵੀ ਕਰ ਰਹੀ ਹੈ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਫੁਲਕਾਰੀ, ਬੂਟਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਿਤ ਕੀਤਾ।
Also Read : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਜੇ.ਈਜ਼ ਨੂੰ ਨਿਯੁਕਤੀ ਪੱਤਰਾਂ ਦੀ ਵੰਡ 21 ਫਰਵਰੀ ਨੂੰ- ਜਿੰਪਾ