ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ


ਚੰਡੀਗੜ੍ਹ, 14 ਜੂਨ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਬੱਸੀ ਪਠਾਣਾਂ, ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਹਰਦੀਪ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਪਿੰਡ ਦਾਦੂਮਾਜਰਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਸਨੀਕ ਮਲਕੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਪਹਿਲਾਂ ਵੀ ਉਸ ਤੋਂ 4 ਏਕੜ ਜ਼ਮੀਨ ਦਾ ਇੰਤਕਾਲ ਉਸਦੇ ਨਾਂ ਕਰਵਾਉਣ ਲਈ 5000 ਰੁਪਏ ਰਿਸ਼ਵਤ ਵਜੋਂ ਲੈ ਲਏ ਸਨ। ਉਸ ਤੋਂ ਬਾਅਦ ਇਨ੍ਹਾਂ 4 ਏਕੜਾਂ ‘ਚੋਂ ਸ਼ਿਕਾਇਤਕਰਤਾ ਨੇ 2 ਏਕੜ ਜ਼ਮੀਨ ਆਪਣੀ ਪਤਨੀ ਦੇ ਨਾਂ ‘ਤੇ ਤਬਦੀਲ ਕਰ ਦਿੱਤੀ ਸੀ ਅਤੇ ਇਸ ਦੋ ਏਕੜ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੇ ਫੇਰ 5000 ਦੀ ਰਿਸ਼ਵਤ ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 4000 ਰੁਪਏ ‘ਚ ਤੈਅ ਹੋ ਗਿਆ। ਉਸਨੇ ਅੱਗੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਐਡਵਾਂਸ ਵਜੋਂ 1000 ਰੁਪਏ ਲੈ ਲਏ ਸਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਤਹਿਤ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

[wpadcenter_ad id='4448' align='none']