ਫ਼ਰੀਦਕੋਟ 15 ਫ਼ਰਵਰੀ,2024
ਫਰੀਦਕੋਟ ਤੋਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਨੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੱਜ ਲੋਕ ਪੱਖੀ ਸਕੀਮਾਂ ਦਾ ਲਾਭ ਦਵਾਉਣ ਵਾਸਤੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਤਕੜੇ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਐਮ.ਪੀ. ਮੁਹੰਮਦ ਸਦੀਕ ਨੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਪੁਲਿਸ ਵਿਭਾਗ, ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਾਪਤ ਫੰਡਾਂ ਦੀ ਸੁਚੱਜੀ ਵਰਤੋ ਤੇ ਜ਼ੋਰ ਦਿੱਤਾ।
ਉਹਨਾਂ ਕਿਹਾ ਕਿ ਹਾਲੇ ਵੀ ਲੋਕਾਂ ਵੱਲੋਂ ਪ੍ਰਾਪਤ ਹੋ ਰਹੀਆਂ ਦਰਖਾਸਤਾਂ ਸਬੰਧੀ ਬਹੁਤ ਕੁਝ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਹਰ ਪ੍ਰਾਰਥੀ ਸਰਕਾਰੀ ਦਫਤਰ ਵਿੱਚ ਬੜੀ ਆਸ ਲੈ ਕੇ ਆਉਂਦਾ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨੂੰ ਅਜਿਹੇ ਲੋਕਾਂ ਨੂੰ ਕਿਸੇ ਵੀ ਹਾਲਤ ਨਿਰਾਸ਼ ਨਹੀਂ ਕਰਨਾ ਚਾਹੀਦਾ ਤੇ ਵੱਧ ਤੋਂ ਵੱਧ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ।
ਇਸ ਮੌਕੇ ਜਿਲ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਨੇ ਕਿਹਾ ਕਿ ਵੱਖ ਵੱਖ ਵਿਕਾਸ ਪ੍ਰੋਜੈਕਟਾਂ, ਲੋਕ ਭਲਾਈ ਕੰਮਾਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਯੋਜਨਾਂਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ, ਜਿਲ੍ਹਾਂ ਪ੍ਰਸ਼ਾਸਨ ਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦਾ ਫਰਜ਼ ਬਣਦਾ ਹੈ ਕਿ ਉਹ ਲੋਕ ਭਲਾਈ ਸਕੀਮਾਂ, ਵੱਖ ਵੱਖ ਯੋਜਨਾਵਾਂ ਸਬੰਧੀ ਕੋਈ ਦਿੱਕਤ ਪੇਸ਼ ਨਾ ਆਉਣ ਦੇਣ।
ਇਸ ਮੌਕੇ ਉਨ੍ਹਾਂ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ,ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਪੀ.ਐਮ.ਕੇ.ਐਸ.ਵਾਈ.ਮਿਡ ਡੇ ਮੀਲ ਸਕੀਮ,ਸਮੱਗਰਾ ਸਿੱਖਿਆ ਅਭਿਆਨ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਇਨ੍ਹਾਂ ਵਿਕਾਸ ਸਕੀਮਾਂ ਦਾ ਹਰ ਇਕ ਨਾਗਰਿਕ ਅਤੇ ਲੋੜਵੰਦ ਨੂੰ ਲਾਭ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।