ਪੀ.ਐਚ.ਸੀ. ਬੂਥਗੜ੍ਹ ’ਚ ਪਲਸ-ਪੋਲੀਉ ਮੁਹਿੰਮ ਜਾਰੀ

ਬੂਥਗੜ੍ਹ,  4 ਮਾਰਚ :

ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.)  ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ ਵਿਚ ਦੂਜੇ ਦਿਨ ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਵੱਖ-ਵੱਖ ਥਾਈਂ ਜਾ ਕੇ ਮੁਹਿੰਮ ਦੀ ਨਿਗਰਾਨੀ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਕਲ ਮੀਂਹ ਦੇ ਬਾਵਜੂਦ ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਚਲਦੀ ਰਹੀ। ਉਨ੍ਹਾਂ ਦਸਿਆ ਕਿ ਪੀ.ਐਚ.ਸੀ. ਬੂਥਗੜ੍ਹ ਅਧੀਨ ਪੰਜ ਸਾਲ ਤੋਂ ਘੱਟ ਉਮਰ ਦੇ 12,197 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਸਿਹਤ ਕਾਮਿਆਂ ਵਲੋਂ ਦਵਾਈ ਪਿਲਾਉਣ ਲਈ 24903 ਘਰਾਂ ਅਤੇ ਹੋਰ ਥਾਵਾਂ ’ਤੇ ਫੇਰੀ ਪਾਈ ਜਾਵੇਗੀ।

ਇਸੇ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਜੁਝਾਰ ਨਗਰ ਅਤੇ ਪੀ.ਐਚ.ਸੀ. ਬੂਥਗੜ੍ਹ ਵਿਖੇ ਪਹੁੰਚ ਕੇ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਜਿਨ੍ਹਾਂ ਥਾਵਾਂ ਦਾ ਦੌਰਾ ਕੀਤਾ, ਉਥੇ ਹਰ ਬੱਚੇ ਨੂੰ ਦਵਾਈ ਪਿਲਾਈ ਹੋਈ ਸੀ ਅਤੇ ਕੋਈ ਵੀ ਬੱਚਾ ਦਵਾਈ ਤੋਂ ਵਾਂਝਾ ਨਹੀਂ ਮਿਲਿਆ। ਉਨ੍ਹਾਂ ਬਲਾਕ ਵਿਚ ਪੋਲੀਓ ਰੋਕੂ ਮੁਹਿੰਮ ਦੀ ਪ੍ਰਗਤੀ ’ਤੇ ਤਸੱਲੀ ਪ੍ਰਗਟ ਕੀਤੀ।
 

ਡਾ. ਅਲਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਯਕੀਨੀ ਬਣਾ ਰਿਹਾ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਵਾਲਾ ਕੋਈ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਸ ਸਬੰੰਧ ਵਿਚ ਪਹਿਲਾਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਅਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਚਾਹੇ ਬੱਚਾ ਬੀਮਾਰ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਪਹਿਲਾਂ ਹੀ ਪੋਲੀਓ-ਮੁਕਤ ਐਲਾਨਿਆ ਹੋਇਆ ਹੈ ਪਰ ਪੋਲੀਓ-ਮੁਕਤੀ ਨੂੰ ਬਰਕਰਾਰ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪਲਸ ਪੋਲੀਓ ਮੁਹਿੰਮ ਦੇ ਨੋਡਲ ਅਫ਼ਸਰ ਡਾ. ਸਿਮਨ ਢਿੱਲੋਂ ਵੀ ਮੌਜੂਦ ਸਨ।

[wpadcenter_ad id='4448' align='none']