ਪੁਲਿਸ ਯਾਦਗਾਰੀ ਦਿਵਸ ਮਨਾਇਆ, ਸੀ.ਪੀ ਅਤੇ ਡੀ.ਸੀ ਨੇ ਪੁਲਿਸ ਲਾਈਨਜ਼ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

 ਲੁਧਿਆਣਾ, 21 ਅਕਤੂਬਰ (000) ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ  ਸੋਮਵਾਰ ਨੂੰ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨਜ਼ ਵਿਖੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ |ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ।  ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੇ।

 ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ, ਸਾਬਕਾ ਡੀ.ਜੀ.ਪੀ  ਸ੍ਰੀ ਡੀ.ਆਰ. ਭੱਟੀ, ਗੁਰਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 ਏ.ਸੀ.ਪੀ ਰੂਪਦੀਪ ਕੌਰ ਦੀ ਅਗਵਾਈ ਵਿੱਚ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।  ਏ.ਸੀ.ਪੀ (ਹੈੱਡਕੁਆਰਟਰ) ਸ੍ਰੀ ਰਵਿੰਦਰ ਸਿੰਘ ਢਿੱਲੋਂ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਨੀਮ ਫੌਜੀ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਵੀ ਪੜ੍ਹ ਕੇ ਸੁਣਾਈ ਗਈ।

 ਪੁਲਿਸ ਯਾਦਗਾਰੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਚਾਹਲ ਨੇ ਦੱਸਿਆ ਕਿ ਇਹ ਦਿਨ ਸਾਰੇ ਰਾਜਾਂ ਦੀ ਪੁਲਿਸ ਅਤੇ ਦੇਸ਼ ਭਰ ਵਿੱਚ ਨੀਮ ਫ਼ੌਜੀ ਬਲਾਂ ਵੱਲੋਂ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਚੀਨੀ ਫੌਜ ਦੁਆਰਾ ਕੀਤੇ ਗਏ ਹਮਲੇ ਦੌਰਾਨ ਹੌਟ ਸਪ੍ਰਿੰਗਜ਼ (ਲਦਾਖ) ਵਿਖੇ ਸ਼ਹੀਦੀ ਪ੍ਰਾਪਤ ਕੀਤੀ ਸੀ।  ਉਨ੍ਹਾਂ ਦੱਸਿਆ ਕਿ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ।

 ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਲੁਧਿਆਣਾ ਪੁਲਿਸ ਦੇ ਕੁੱਲ 117 ਪੁਲਿਸ ਮੁਲਾਜ਼ਮਾਂ ਨੇ ਅੱਤਵਾਦ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ।  ਉਹਨਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਹਨਾਂ ਦੇ ਪਰਿਵਾਰਾਂ ਨਾਲ ਖੜੀ ਹੈ, ਜੋ ਕਿ ਲੁਧਿਆਣਾ ਵਿੱਚ ਰਹਿ ਰਹੇ ਹਨ।

 ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਅੱਤਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅੰਦਰੂਨੀ ਗੜਬੜੀਆਂ ਦਾ ਮੁਕਾਬਲਾ ਕਰਨ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਸ਼ਲਾਘਾ ਕੀਤੀ।

 ਬਾਅਦ ਵਿਚ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੋਵਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੰਬਲ ਵੀ ਵੰਡੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

 ਇਸ ਮੌਕੇ ਸਮੂਹ ਜੁਆਇੰਟ ਸੀ.ਪੀਜ਼, ਡੀ.ਸੀ.ਪੀਜ਼, ਏ.ਡੀ.ਸੀ.ਪੀਜ਼, ਏ.ਸੀ.ਪੀਜ਼, ਐਸ.ਐਚ.ਓਜ਼, ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

[wpadcenter_ad id='4448' align='none']