ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਲੁਧਿਆਣਾ, 17 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ। ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਸੁਭਾਗਾ ਹੈ ਅਤੇ ਇਹ ਅਸਥਾਨ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਕਾਰਾਤਮਕਤਾ ਦਾ ਸੋਮਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ ‘ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

[wpadcenter_ad id='4448' align='none']