ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ- ਜ਼ਿਲਾ ਮੈਜਿਸਟਰੇਟ

ਫਰੀਦਕੋਟ 26 ਮਾਰਚ, 2024  

ਜ਼ਿਲਾ ਮੈਜਿਸਟਰੇਟ ਸ਼੍ਰੀ ਵਿਨੀਤ ਕੁਮਾਰ ਨੇ ਫੌਜ਼ਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਰੀਦਕੋਟ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਅੱਗ ਲੱਗਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ। ਜਿਸ ਨਾਲ ਭਾਵੇਂ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ।  ਜਿਸ ਲਈ ਇਹ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 19-05-2024 ਤੱਕ ਲਾਗੂ ਰਹਿਣਗੇ।

[wpadcenter_ad id='4448' align='none']