Saturday, December 28, 2024

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

Date:

ਮੋਗਾ 23 ਜਨਵਰੀ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼  29 ਫਰਵਰੀ, 2024 ਤੱਕ ਲਾਗੂ ਰਹਿਣਗੇ।
ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ
ਜ਼ਿਲ੍ਹੇ ‘ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ ‘ਤੇ ਲਾਗੂ ਨਹੀਂ ਹੋਵੇਗਾ।
ਜ਼ਿਲੇ ‘ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ‘ਤੇ ਪਾਬੰਦੀ
ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਣ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਦੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਆਦਿ ਤੇ ਥਾਂ ਮੱਲ ਰਹੀ, ਇਹ ਲਿਫ਼ਾਫੇ ਸੀਵਰੇਜ਼ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਣ ਬਣਦੇ ਹਨ। ਇਸੇ ਤਰਾਂ ਮਨੁੱਖੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ‘ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗ (ਮੈਨੂਫੈਕਚਰਿੰਗ, ਯੂਜਿਜ ਐਂਡ ਡਿਸਪੋਜ਼ਲ) ਕੰਟਰੋਲ ਐਕਟ, 2005’ ਅਨੁਸਾਰ ਜਿਲੇ ‘ਚ 30 ਮਾਈਕਰੋਨ ਤੋਂ ਘੱਟ ਮੋਟਾਈ ਅਤੇ 8 12 ਇੰਚੀ ਆਕਾਰ ਤੋਂ ਘੱਟ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ‘ਤੇ ਪੂਰਣ ਪਾਬੰਦੀ ਲਗਾਈ ਗਈ ਹੈ। ਪਲਾਸਟਿਕ ਮਨੁੱਖੀ ਸਿਹਤ ਲਈ ਹਾਨੀਕਾਰਕ ਹੋਣ ਦੇ ਨਾਲ ਪਸ਼ੂਆਂ ਵੱਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਰਹਿੰਦ-ਖੂੰਹਦ ਖਾਧੇ ਜਾਣ ਕਾਰਣ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨਾਂ ਦੀ ਮੌਤ ਹੋ ਜਾਂਦੀ ਹੈ, ਜਿਸ ਨਾਲ ਆਮ ਜਨ-ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ।
ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਨਜਾਇਜ਼ ਕਬਜ਼ੇ ਕਰਨ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਆਮ ਲੋਕਾਂ ਵੱਲੋਂ ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਨਜਾਇਜ਼ ਕਬਜੇ ਕੀਤੇ ਗਏ ਹਨ, ਜਿਸ ਕਾਰਣ ਜਿਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਲੜਾਈ-ਝਗੜੇ ਕਾਰਣ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਲਈ ਜਿਲੇ ਅੰਦਰ ਸੜਕਾਂ ਦੇ ਇਰਦ-ਗਿਰਦ ਆਮ ਲੋਕਾਂ ਵੱਲੋਂ ਕੂੜੇ ਦੇ ਢੇਰ ਲਗਾਉਣ ਅਤੇ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਕੱਟਣ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਵੀ ਪਾਬੰਦੀ
ਇਸੇ ਤਰ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਜਿਲੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕਈ ਵਿਅਕਤੀਆਂ ਵੱਲੋਂ ਮੀਟ ਸ਼ਾਪ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਬਣਾਏ ਹੋਏ ਹਨ, ਜਿੱਥੇ ਇਹ ਵਿਅਕਤੀ ਬੱਕਰੇ, ਮੁਰਗੇ ਅਤੇ ਮੱਛੀ ਆਦਿ ਕੱਟ ਕੇ ਵੇਚਦੇ ਹਨ। ਇਸ ਨਾਲ ਜਿੱਥੇ ਸ਼ਹਿਰਾਂ/ਪਿੰਡਾਂ ਵਿੱਚ ਬਦਬੂ ਫੈਲਦੀ ਹੈ ਤੇ ਗੰਦਗੀ ਪੈਦਾ ਹੁੰਦੀ ਹੈ, ਉਥੇ ਵਾਤਾਵਰਣ ਦੂਸਿਤ ਹੁੰਦਾ ਹੈ ਅਤੇ ਸ਼ਹਿਰਾਂ ਵਿੱਚ ਸੀਵਰੇਜ ਬੰਦ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਪੱਕੇ ਤੌਰ ‘ਤੇ ਸਲਾਟਰ ਹਾਊਸ ਬਣਾਏ ਹੋਏ ਹਨ ਅਤੇ ਇਹ ਮੀਟ ਕੇਵਲ ਸਲਾਟਰ ਹਾਊੋਸ ਵਿੱਚ ਹੀ ਕੱਟਿਆ/ਵੇਚਿਆ ਜਾ ਸਕਦਾ ਹੈ।
ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ/ ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੌਰ ‘ਤੇ ਵੇਚੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉੱਚਿਤ ਨਹੀਂ ਹੈ। ਇਸ ਲਈ ਜ਼ਿਲ੍ਹਾ ਮੋਗਾ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ, ਪਰੰਤੂ ਇਹ ਹੁਕਮ ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਤੇ ਪੋਲੀ-ਕਲੀਨਿਕ, ਰੂਰਲ ਵੈਟਨਰੀ ਹਸਪਤਾਲਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਕੋਈ ਹੋਰ ਆਰਟੀਫੀਸ਼ਨ ਇਨਸੈਮੀਨੇਸ਼ਨ ਸੈਂਟਰ ਜ਼ੋ ਕਿ ਪਸ਼ੂ ਪਾਲਣ ਵਿਭਾਗ ਵੱਲੋ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿੰਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਆਦਿ ‘ਤੇ ਲਾਗੂ ਨਹੀਂ ਹੋਣਗੇ।
ਜ਼ਿਲੇ ਅੰਦਰ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਪਾਬੰਦੀ
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਅੰਦਰ ਅਕਸਰ ਅਤੇ ਵਿਸੇਸ਼ ਕਰਕੇ ਬਸੰਤ ਪੰਚਮੀ ਦੇ ਮੌਕੇ ‘ਤੇ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਹ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਕਾਫ਼ੀ ਮਜਬੂਤ ਹੁੰਦੀ ਹੈ, ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉੱਂਗਲਾਂ ਕੱਟਣ, ਸਾਈਕਲ ਤੇ ਸਕੂਟਰ, ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫ਼ਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਣ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਇਹ ਚਾਈਨਾ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇੰਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ (ਚਾਈਨਾ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ ‘ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ।                

Share post:

Subscribe

spot_imgspot_img

Popular

More like this
Related