ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁਢਲੀ ਪਹਿਲ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਬਠਿੰਡਾ, 4 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਪ੍ਰੈਗਮਾ ਮੈਡੀਕਲ ਇੰਸਟੀਚਿਊਟ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਵਿਸ਼ੇਸ਼ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ ਅਤੇ ਆਪ ਦੇ ਯੂਥ ਆਗੂ ਸ. ਅਮਰਜੀਤ ਰਾਜਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

        ਇਸ ਦੌਰਾਨ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਕੈਂਸਰ ਦੀ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਜੇਕਰ ਟੈਸਟ ਕਰਵਾਉਣ ਤੇ ਕੈਂਸਰ ਦੀ ਬਿਮਾਰੀ ਹੋਣ ਬਾਰੇ ਪਤਾ ਲੱਗ ਜਾਵੇ ਤਾਂ ਸਾਨੂੰ ਇਸ ਦਾ ਸਹੀ ਤਰੀਕੇ ਨਾਲ ਇਲਾਜ਼ ਕਰਵਾਕੇ ਇਸ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੀ ਕੈਂਸਰ ਦੇ ਮਰੀਜ਼ਾਂ ਨੂੰ 1.50 ਲੱਖ ਰੁਪਏ ਦੀ ਰਾਸ਼ੀ ਕੈਂਸਰ ਦੀ ਇਲਾਜ ਲਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੈਂਸਰ ਦੇ ਮਰੀਜਾਂ ਲਈ ਹੋਰ ਸਹਾਇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ।

        ਸ. ਸੰਧਵਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਤਹਿਤ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕ ਇਨ੍ਹਾਂ ਕਲੀਨਿਕਾਂ ਤੇ ਜਾ ਕੇ ਆਪਣਾ ਇਲਾਜ਼ ਮੁਫ਼ਤ ਵਿਚ ਕਰਵਾ ਸਕਣ। ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਦਿਆਂ ਆਧੁਨਿਕ ਸਹੂਲਤਾਂ ਨਾਲ ਲੈਸ “ਸਕੂਲ ਆਫ਼ ਐਮੀਨੈਂਸ” ਖੋਲ੍ਹੇ ਗਏ ਹਨ। ਉਨ੍ਹਾ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ ਤਾਂ ਜੋ ਵਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਆਪਣਾ ਯੋਗਦਾਨ ਪਾ ਸਕੀਏ। ਇਸ ਮੌਕੇ ਸ. ਸੰਧਵਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

        ਸਮਾਗਮ ਦੌਰਾਨ ਪ੍ਰੈਗਮਾ ਮੈਡੀਕਲ ਇੰਸਟੀਚਿਊਟ ਤੋਂ ਡਾ. ਜੀ.ਐਸ. ਗਿੱਲ ਨੇ ਕਿਹਾ ਕੈਂਸਰ ਦੀ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਸਗੋਂ ਆਮ ਲੋਕਾਂ ਵਿੱਚ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਲਿਆਉਣ ਦੀ ਜ਼ਰੂਰਤ ਹੈ। ਜੇਕਰ ਕੈਂਸਰ ਦੀ ਬਿਮਾਰੀ ਤੇ ਸਮੇਂ-ਸਿਰ ਇਲਾਜ ਕਰਵਾਇਆ ਜਾਵੇ ਤਾਂ ਇਸ ਤੇ ਕੰਟਰੋਲ ਕੀਤਾ ਜਾ ਸਕਦਾ ਹੈ।

        ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ, ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋਂ, ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ, ਸ. ਦਾਨ ਸਿੰਘ, ਡਾ. ਸੁਨੀਲ ਜੌੜਾ, ਡਾ. ਮਨਜੀਤ ਸਿੰਘ ਜੌੜਾ, ਡਾ. ਸਰਤਾਜ ਗਿੱਲ, ਡਾ. ਸਵਰਨਜੀਤ ਕੌਰ ਗਿੱਲ, ਡਾ. ਰੋਬਿਨ ਖੋਸਾ, ਡਾ. ਅਮਿਤ ਨਾਰੰਗ, ਡਾ. ਵਰੁਣ ਅਗਰਵਾਲ ਤੋਂ ਇਲਾਵਾ ਹੋਰ ਡਾਕਟਰ ਆਦਿ ਹਾਜ਼ਰ ਸੀ। 

[wpadcenter_ad id='4448' align='none']