ਹਰਭਜਨ ਸਿੰਘ ਈ.ਟੀ.ਓ ਵੱਲੋਂ ਅਧਿਕਾਰੀਆਂ ਨੂੰ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ
ਉਦਯੋਗਾਂ ਨੂੰ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਏਗੀ: ਬਿਜਲੀ ਮੰਤਰੀ
ਚੰਡੀਗੜ੍ਹ/ ਲੁਧਿਆਣਾ, 22 ਮਈ:
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਮੁਲਾਜ਼ਮਾਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਲੁਧਿਆਣਾ ਦਫ਼ਤਰ ਦਾ ਅਚਨਚੇਤ ਦੌਰ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਖਿਚਾਈ ਕਰਦਿਆਂ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਦਿੱਤੀ।
ਕੈਬਨਿਟ ਮੰਤਰੀ, ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਅੱਜ ਸਵੇਰੇ 7.50 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ ਸਥਿਤ ਪੀ.ਐਸ.ਪੀ.ਸੀ.ਐਲ ਦਫ਼ਤਰ ਪੁੱਜੇ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰਾਂ ਦੀ ਜਾਂਚ ਕੀਤੀ ਅਤੇ ਵੱਖ-ਵੱਖ ਸ਼ਾਖਾਵਾਂ ਵਿੱਚ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਇੱਕ-ਇੱਕ ਕਰਕੇ ਬੁਲਾਇਆ ਅਤੇ ਦਫ਼ਤਰ ਵਿੱਚ ਉਨ੍ਹਾਂ ਦੀ ਮੌਜੂਦਗੀ ਦੀ ਚੈਕਿੰਗ ਕੀਤੀ। ਚੈਕਿੰਗ ਦੀ ਕਾਰਵਾਈ ਸਮਾਪਤ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਇਸ ਅਚਨਚੇਤ ਦੌਰੇ ਦਾ ਮੰਤਵ ਵਿਭਾਗ ਦੇ ਸਟਾਫ਼ ਦਾ ਸਮੇਂ ਸਿਰ ਡਿਊਟੀ ‘ਤੇ ਹਾਜ਼ਰ ਹੋਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਆਪਣੇ ਸ਼ਨਾਖਤੀ ਕਾਰਡ ਪਹਿਨਣ ਲਈ ਵੀ ਕਿਹਾ।
ਸ. ਹਰਭਜਨ ਸਿੰਘ ਈ.ਟੀ.ਓ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਰੋਜ਼ਾਨਾ ਦੇ ਕੰਮਕਾਰ ਕਰਵਾਉਣ ਲਈ ਲੋਕਾਂ ਨੂੰ ਢੁੱਕਵੀਂ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।
ਉਨ੍ਹਾਂ ਅੱਗੇ ਕਿਹਾ ਕਿ ਸਾਰੇ ਬਕਾਇਆ ਮਾਮਲਿਆਂ ਦਾ ਤੁਰੰਤ ਨਿਪਰਾਟਾ ਕੀਤਾ ਜਾਵੇ ਕਿਉਂਕਿ ਇਸ ਨਾਲ ਲੋਕਾਂ ਵਿੱਚ ਸਰਕਾਰ ਅਤੇ ਇਸ ਦੇ ਕੰਮਕਾਜ ਪ੍ਰਤੀ ਭਰੋਸਾ ਵਧੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਗਾਮੀ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ ਅਤੇ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੀ.ਐਸ.ਪੀ.ਸੀ.ਐਲ. ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਦੇਸ਼ ਦਾ ਉਦਯੋਗਿਕ ਧੁਰਾ ਹੋਣ ਦੇ ਨਾਤੇ, ਪੀ.ਐਸ.ਪੀ.ਸੀ.ਐਲ. ਇਥੋਂ ਉਦਯੋਗਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਉਹ ਬਿਨਾਂ ਕਿਸੇ ਪਾਵਰ ਕੱਟ ਦੇ ਆਪਣਾ ਕੰਮ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਸੰਬੰਧੀ ਇੰਡਸਟਰੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ।
ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।