ਫਿਰੋਜ਼ਪੁਰ 30 ਅਗਸਤ 2024…..
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪਦੇ ਦੁਆਰ ਤਹਿਤ ਫਿਰੋਜ਼ਪੁਰ ਸ਼ਹਿਰ ਦੀ ਭੱਟੀਆਂ ਵਾਲੀ ਵਸਤੀ ਦੇ ਵਾਰਡ ਨੰਬਰ 32 ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ ਸਾਰੇ ਵਿਭਾਗਾਂ ਨੂੰ ਕੀਤੀਆਂ ਗਈਆਂ ਹਨ। ਇਸ ਲਈ ਅੱਜ ਤੁਹਾਡੇ ਵਾਰਡ ਨੰਬਰ 32 ਵਿੱਚ ਇੱਕ ਥਾਂ ਤੇ ਸਾਰੇ ਵਿਭਾਗਾਂ ਵੱਲੋਂ ਕਾਊਂਟਰ ਲਗਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਲੋਕ ਇਸ ਕੈਂਪ ਦਾ ਲਾਭ ਉਠਾ ਕੇ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੀ ਕਿ ਲੋਕਾਂ ਨੂੰ ਖੱਜਲ—ਖੁਆਰ ਨਾ ਹੋਣਾ ਪਵੇ, ਲੋਕਾਂ ਨੂੰ ਦਫਤਰਾਂ ਵਿਖੇ ਆਉਣ ਦੀ ਬਜਾਏ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਪਹੁੰਚਣ, ਇਸ ਕਰਕੇ ਉਨ੍ਹਾਂ ਦੀ ਬਰੂਹਾਂ ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਇਕੋਂ ਥਾਂ ਮੌਜੂਦ ਹਨ ਜਿਸ ਕਰਕੇ ਅਨੇਕਾਂ ਦਫਤਰਾਂ ਨਾਲ ਸੰਬੰਧਿਤ ਸਰਕਾਰੀ ਕੰਮ ਇਕ ਥਾਂ ਤੇ ਨਿਬੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੋਕ ਬਿਜਲੀ, ਪੈਨਸ਼ਨਾਂ, ਲੇਬਰ ਵਿਭਾਗ, ਫੂਡ ਸਪਲਾਈ ਵਿਭਾਗ, ਨਗਰ ਕੌਂਸਲ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਸ਼ਕਾਇਤਾਂ ਦੇ ਹੱਲ ਕਰਵਾਉਣ ਲਈ ਪੁੱਜੇ। ਉਨ੍ਹਾਂ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਦੇ ਮੌਕੇ ਤੇ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨੂੰ ਸਮੱਸਿਆ ਦੇ ਹੱਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਧਰਮਪਾਲ ਸਿੰਘ, ਬਲਾਕ ਖੇਤੀਬਾੜੀ ਅਫਸਰ ਗੁਰਸਾਹਿਬ ਸਿੰਘ, ਮਿਊਂਸੀਪਲ ਇੰਜੀਨੀਅਰ ਨਗਰ ਕੌਂਸਲ ਚਰਨਪਾਲ ਸਿੰਘ ਸਮੇਤ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ!