ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਨੈਤਿਕ ਸਿੱਖਿਆ ਦੇ ਨਾਲ-ਨਾਲ ਰੌਚਕ ਤਰੀਕਿਆਂ ਨਾਲ ਸਿੱਖਿਆ ਦੇਣ ਉਤੇ ਜ਼ੋਰਕੌਮੀ ਤੇ ਸੂਬਾਈ ਪੱਧਰੀ ਪ੍ਰੋਗਰਾਮਾਂ ਦੇ ਨਾਲ-ਨਾਲ ਵੱਧ ਤੋਂ ਵੱਧ ਕੌਮਾਂਤਰੀ ਪਰਸਪਰ ਸਿੱਖਿਆ ਵਟਾਂਦਰਾ ਪ੍ਰੋਗਰਾਮਾਂ ਦੀ ਉਮੀਦ ਪ੍ਰਗਟਾਈਕੇਜਰੀਵਾਲ ਨੇ ਦਿੱਲੀ ਵਿੱਚ ਸਾਲਾਂ ਵਿੱਚ ਹੋਏ ਇਸ ਕੰਮ ਨੂੰ ਮਹੀਨਿਆਂ ਵਿੱਚ ਨੇਪਰੇ ਚਾੜ੍ਹਨ ਲਈ ਪੰਜਾਬ ਦੀ ਕੀਤੀ ਸ਼ਲਾਘਾਦਿੱਲੀ ਵਿੱਚ ਲੋਕ-ਪੱਖੀ ਸਕੀਮਾਂ ਲਾਗੂ ਕਰਨ ਵਿੱਚ ਅੜਿੱਕੇ ਖੜ੍ਹੇ ਕਰਨ ਵਾਲੀਆਂ ਤਾਕਤਾਂ ਦੀ ਕੀਤੀ ਆਲੋਚਨਾਪੰਜਾਬ ਤੇ ਦਿੱਲੀ ਦੇ ਅਧਿਆਪਕਾਂ ਨੇ ਸਿਖਲਾਈ ਦੇ ਤਜਰਬੇ ਕੀਤੇ ਸਾਂਝੇ
ਨਵੀਂ ਦਿੱਲੀ, 11 ਫਰਵਰੀ:
ਸਿੰਗਾਪੁਰ ਵਿੱਚ ਸਿਖਲਾਈ ਲੈਣ ਮਗਰੋਂ ਪਰਤੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਪ੍ਰਿੰਸੀਪਲਾਂ ਨੂੰ ਬਿਹਤਰੀਨ ਆਲਮੀ ਸਿੱਖਿਆ ਤਕਨੀਕਾਂ ਨਾਲ ਲੈਸ ਕਰਨ ਲਈ ਹੋਈ ਇਸ ਮਿਸਾਲੀ ਤਬਦੀਲੀ ਨਾਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਸਿਖਲਾਈ ਤੋਂ ਪਰਤੇ ਇਨ੍ਹਾਂ ਪ੍ਰਿੰਸੀਪਲਾਂ ਨਾਲ ਸੰਵਾਦ ਰਚਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਿੰਸੀਪਲਾਂ ਦੇ ਤਜਰਬੇ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਭਵਿੱਖ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਹ ਪ੍ਰਿੰਸੀਪਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਜਿੱਥੇ ਇਕ ਪਾਸੇ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੀ ਕਾਇਆ-ਕਲਪ ਕਰਨ ਦੇ ਉਦੇਸ਼ ਨਾਲ ਕੀਤੀ, ਉੱਥੇ ਦੂਜੇ ਪਾਸੇ ਇਸ ਨਾਲ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਹੋਣਾ ਯਕੀਨੀ ਬਣੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਵੱਲੋਂ ਵਿਦਿਆਰਥੀਆਂ ਦੀ ਵਿਦੇਸ਼ ਸਿਖਲਾਈ ਲਈ ਦਿੱਤੀ ਮਨਜ਼ੂਰੀ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਇਹ ਆਪਣੀ ਤਰ੍ਹਾਂ ਦੀ ਪਹਿਲੀ ਪਹਿਲਕਦਮੀ ਹੈ। ਇਸ ਨਿਵੇਕਲੇ ਉਪਰਾਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਨਵੀਂ ਨੀਤੀ ਪੇਸ਼ ਹੁੰਦੀ ਹੈ ਤਾਂ ਵਿਰੋਧ ਦੀ ਆਵਾਜ਼ ਉੱਠਦੀ ਹੈ ਪਰ ਉਹ ਸੂਬੇ ਦੇ ਹਿੱਤ ਵਿੱਚ ਕੋਈ ਵੀ ਫੈਸਲੇ ਲੈਣ ਵਿੱਚ ਕੋਈ ਗੁਰੇਜ਼ ਨਹੀਂ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਅਧਿਆਪਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਕਿਉਂਕਿ ਉਹ ਇਕ ਅਧਿਆਪਕ ਦੇ ਪੁੱਤਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੀਆਂ ਸੇਵਾਵਾਂ ਅਧਿਆਪਨ ਤੋਂ ਇਲਾਵਾ ਹੋਰ ਕਿਸੇ ਕੰਮ ਲਈ ਨਹੀਂ ਲਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਪੱਤਰ ਮਿਲਿਆ ਕਿ ਅਧਿਆਪਕਾਂ ਦੀ ਡਿਊਟੀ ਜਨਗਣਨਾ ਲਈ ਲਗਾਈ ਜਾਵੇ ਪਰ ਉਨ੍ਹਾਂ ਇਸ ਨੂੰ ਸਿਰੇ ਤੋਂ ਨਕਾਰ ਦਿੱਤਾ ਅਤੇ ਕਿਹਾ ਕਿ ਇਸ ਕੰਮ ਲਈ ਹੋਰ ਸਿੱਖਿਅਤ ਨੌਜਵਾਨ ਲਗਾਏ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਮਿਲੇਗਾ, ਉੱਥੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣੇਗੀ। ‘ਤਜਰਬੇ ਉਮਰ ਨਾਲ ਆਉਣ’ ਦੀ ਅਖੌਤ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਹੋਰਾਂ ਦੇ ਤਜਰਬਿਆਂ ਤੋਂ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕਿਉਂਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੰਜਾਬ ਪਹਿਲਾਂ ਹੀ ਸਿੱਖਿਆ ਖੇਤਰ ਵਿੱਚ ਪਛੜਿਆ ਹੋਇਆ ਹੈ।
ਅਧਿਆਪਕਾਂ ਨੂੰ ਬੱਚਿਆਂ ਲਈ ਆਦਰਸ਼ ਬਣਨ ਲਈ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਕਿ ਉਹ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਦੇ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹਣਗੇ, ਜਿਸ ਨਾਲ ਉਹ ਕਾਨਵੈਂਟ ਸਕੂਲ ਦੇ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਅਤੇ ਜੀਵਨ ਵਿੱਚ ਸਫ਼ਲ ਹੋਣ ਦੇ ਯੋਗ ਹੋਣਗੇ। ਉਨ੍ਹਾਂ ਦੁਹਰਾਇਆ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ, ਜਿਹੜੇ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਅਧਿਆਪਕਾਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੰਟੀ ਤਹਿਤ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ 4 ਫਰਵਰੀ ਤੋਂ ਸਿੰਗਾਪੁਰ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਿੰਗਾਪੁਰ ਵਿੱਚ ਆਪਣੀ ਠਹਿਰ ਦੌਰਾਨ ਇਨ੍ਹਾਂ ਪ੍ਰਿੰਸੀਪਲਾਂ ਨੇ 6 ਤੋਂ 10 ਫਰਵਰੀ ਤੱਕ ਪੇਸ਼ੇਵਰ ਅਧਿਆਪਕ ਸਿਖਲਾਈ ਵਿੱਚ ਭਾਗ ਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾ ਬੈਚ ਆਪਣੀ ਸਿਖਲਾਈ ਮੁਕੰਮਲ ਹੋਣ ਤੋਂ ਬਾਅਦ ਅੱਜ ਵਾਪਸ ਭਾਰਤ ਪਰਤਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਨਾਲ ਅਧਿਆਪਕ ਆਧੁਨਿਕ ਅਧਿਆਪਨ ਤਕਨੀਕਾਂ ਦੇ ਨਾਲ-ਨਾਲ ਲੀਡਰਸ਼ਿਪ ਹੁਨਰ ਨਾਲ ਲੈਸ ਹੋਣਗੇ। ਇਸ ਤੋਂ ਇਲਾਵਾ ਉਹ ਕੋਰੋਨਾ ਮਹਾਂਮਾਰੀ ਤੋਂ ਬਾਅਦ ਦੀਆਂ ਸਿੱਖਿਆ ਜ਼ਰੂਰਤਾਂ ਨਾਲ ਕਦਮ ਮੇਚਣ ਦੇ ਨਾਲ ਆਡੀਓ-ਵੀਡੀਓ ਤਕਨਾਲੋਜੀ ਤੇ ਹੋਰ ਆਧੁਨਿਕ ਸਿੱਖਿਆ ਸਹੂਲਤਾਂ, ਰਣਨੀਤਕ ਪ੍ਰਬੰਧਨ ਤੇ ਹੋਰ ਲੋੜੀਂਦੀਆਂ ਸਹੂਲਤਾਂ ਤੋਂ ਜਾਣੂੰ ਹੋਣਗੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਮੀਲ ਦਾ ਪੱਥਰ ਸਾਬਤ ਹੋਣ ਵਾਲੀ ਪਹਿਲਕਦਮੀ ਤਹਿਤ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਕੋਸ਼ਿਸ਼ਾਂ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣੇਗਾ। ਉਨ੍ਹਾਂ ਕਿਹਾ ਕਿ ਇਹ ਅਹਿਮ ਪ੍ਰੋਗਰਾਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਸ ਪ੍ਰਗਟਾਈ ਕਿ ਪਰਸਪਰ ਵਟਾਂਦਰਾ ਪ੍ਰੋਗਰਾਮ ਆਉਣ ਵਾਲੇ ਸਮਿਆਂ ਵਿੱਚ ਲਾਭਦਾਇਕ ਸਾਬਤ ਹੋਵੇਗਾ ਅਤੇ ਇਸ ਨੂੰ ਭਵਿੱਖ ਵਿੱਚ ਬਾਕਾਇਦਾ ਬਣਾਇਆ ਜਾਵੇਗਾ। ਸਿੱਖਿਆ ਖੇਤਰ ਦੇ ਕਾਇਆ-ਕਲਪ ਲਈ ਆਪਣੇ ਤਜਰਬੇ ਸਾਂਝੇ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਉਤੇ ਜ਼ੋਰ ਦੇਣ ਤੋਂ ਇਲਾਵਾ ਅਜਿਹੇ ਪ੍ਰੋਗਰਾਮਾਂ ਨਾਲ ਪ੍ਰਿੰਸੀਪਲਾਂ ਤੇ ਅਧਿਆਪਕਾਂ ਵਿੱਚ ਉਸਾਰੂ ਊਰਜਾ ਭਰਨ ਦੇ ਹਾਮੀ ਹਨ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਅਜਿਹੇ ਸੁਧਾਰਾਂ ਨਾਲ ਨਤੀਜੇ ਦੇਣੇ ਸ਼ੁਰੂ ਕੀਤੇ ਤਾਂ ਲੋਕਾਂ ਨੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਉਣ ਵਿੱਚ ਰੁਚੀ ਦਿਖਾਈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਸਿਹਤ ਤੇ ਸਿੱਖਿਆ ਖੇਤਰ ਵਿੱਚ ਇਹ ਸੁਧਾਰ ਕਰਨ ਲਈ ਦਿੱਲੀ ਵਿੱਚ ਕਈ ਸਾਲ ਲੱਗੇ, ਜਦੋਂ ਕਿ ਪੰਜਾਬ ਨੇ ਭਗਵੰਤ ਮਾਨ ਦੀ ਅਗਵਾਈ ਹੇਠ ਸਿਰਫ਼ 10 ਮਹੀਨਿਆਂ ਵਿੱਚ ਹੀ ਇਹ ਕੰਮ ਨੇਪਰੇ ਚਾੜ੍ਹ ਦਿੱਤਾ। ਉਨ੍ਹਾਂ ਕੌਮੀ ਰਾਜਧਾਨੀ ਵਿੱਚ ਅਜਿਹੀਆਂ ਲੋਕ ਪੱਖੀ ਪਹਿਲਕਦਮੀਆਂ ਲਾਗੂ ਕਰਨ ਦੇ ਦਿੱਲੀ ਸਰਕਾਰ ਦੇ ਰਾਹ ਵਿੱਚ ਅੜਿੱਕੇ ਡਾਹੁਣ ਵਾਲਿਆਂ ਦੀ ਆਲੋਚਨਾ ਕੀਤੀ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ ਅਤੇ ਇਹ ਲੋਕ ਪੱਖੀ ਪਹਿਲਕਦਮੀ ਦਿੱਲੀ ਵਿੱਚ ਲਾਗੂ ਕੀਤੀ ਜਾਵੇਗੀ। ਅਧਿਆਪਕਾਂ ਦੀ ਕੌਮਾਂਤਰੀ ਸਿਖਲਾਈ ਦੀ ਵਕਾਲਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖੀ ਚੁਣੌਤੀਆਂ ਲਈ ਤਿਆਰ ਕਰਨ ਵਾਸਤੇ ਆਲਮੀ ਸਿੱਖਿਆ ਤਕਨੀਕਾਂ ਬਾਰੇ ਤਜਰਬੇ ਸਮੇਂ ਦੀ ਲੋੜ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਨਿਵੇਕਲਾ ਉਪਰਾਲਾ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉਤੇ ਸੁਧਾਰ ਲਿਆਏਗਾ। ਉਨ੍ਹਾਂ ਕਿਹਾ ਕਿ ਹੁਣ ਢਾਂਚਾ ਬਣ ਗਿਆ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਅਸੀਂ ਸਿੰਗਾਪੁਰ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਪੰਜਾਬ ਆਉਂਦਾ ਦੇਖਾਂਗੇ। ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਇਸ ਮਿਸਾਲੀ ਪਹਿਲਕਦਮੀ ਲਈ ਸ਼ਲਾਘਾ ਕੀਤੀ।
ਇਸ ਮੌਕੇ ਉਤੇ ਪ੍ਰਿੰਸੀਪਲਾਂ ਨੇ ਸਿੰਗਾਪੁਰ ਵਿੱਚ ਸਿਖਲਾਈ ਦੌਰਾਨ ਮਿਲੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਆਪਣੇ ਹੁਨਰ ਵਿੱਚ ਨਿਖਾਰ ਲਈ ਸੂਬਾ ਸਰਕਾਰ ਵੱਲੋਂ ਕੀਤੀ ਇਸ ਇਤਿਹਾਸਕ ਪਹਿਲਕਦਮੀ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਸ ਕਦਮ ਨਾਲ ਵਿਦਿਆਰਥੀਆਂ ਖ਼ਾਸ ਤੌਰ ਉਤੇ ਸਮਾਜ ਦੇ ਕਮਜ਼ੋਰ ਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਜੀਵਨ ਬਦਲੇਗਾ।
ਇਸ ਸਮੇਂ ਹਾਜ਼ਰ ਅਹਿਮ ਸ਼ਖ਼ਸੀਅਤਾਂ ਵਿੱਚ ਹੋਰਨਾਂ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਹੋਰ ਹਾਜ਼ਰ ਸਨ।
———–