ਮਾਨਸਾ, 09 ਦਸੰਬਰ:
ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਭਿਆਚਾਰ, ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉਚਾਈਆਂ ’ਤੇ ਲਿਜਾਉਣ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਆਯੋਜਿਤ ਟਿੱਬਿਆਂ ਦੇ ਮੇਲੇ ਵਿਚ ਸ਼ਿਰਕਤ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਇਹ ਵੇਖ ਕੇ ਬੜੀ ਖੁਸ਼ੀ ਹੋਈ ਹੈ ਕਿ ਮੇਲੇ ਵਿਚ ਜਿੱਥੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਗਿਆ ਹੈ ਉੱਥੇ ਹੀ ਸੈਲਫ ਹੈਲਪ ਗਰੁੱਪਾਂ ਵਿਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਵੀ ਆਪਣੀ ਆਮਦਨ ਵਿਚ ਵਾਧਾ ਕਰਨ ਦਾ ਇਕ ਚੰਗਾ ਪਲੇਟਫਾਰਮ ਮਿਲਿਆ ਹੈ। ਇਸ ਨਾਲ ਜੋ ਔਰਤਾਂ ਸਿਰਫ ਘਰਾਂ ਤੱਕ ਸੀਮਤ ਸਨ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਮੇਲੇ ਵਿਚ ਬਾਜ਼ੀਗਰਾਂ ਵੱਲੋਂ ਵਿਖਾਏ ਜਾ ਰਹੇ ਹੁਨਰ ਦੀ ਸ਼ਲਾਘਾ ਕੀਤੀ।
ਉਨ੍ਹਾਂ ਇਸ ਮੌਕੇ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਮੇਲੇ ਅੰਦਰ ਲੱਗੀਆਂ ਵੱਖ ਵੱਖ ਸਟਾਲਾਂ ਦਾ ਦੌਰਾ ਕਰਕੇ ਵੱਖ ਵੱਖ ਰਾਜਾਂ ਤੋਂ ਆਏ ਕਾਸ਼ਤਕਾਰਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਸਮੂਹ ਵਸਨੀਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸੁਚੱਜੀ ਅਗਵਾਈ ਹੇਠ ਇਸ ਖ਼ੂਬਸੂਰਤ ਮੇਲੇ ਦੀ ਦਿੱਖ ਅਤੇ ਹੋਰ ਆਨੰਦਮਈ ਪਲਾਂ ਦਾ ਭਰਪੂਰ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਪੰਜਾਬ ਸਰਕਾਰ ਸੱਭਿਆਚਾਰ, ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉਚਾਈਆਂ ’ਤੇ ਲਿਜਾਉਣ ਲਈ ਵਚਨਬੱਧ-ਵਿਧਾਇਕ ਵਿਜੈ ਸਿੰਗਲਾ
Date: