ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ

ਚੰਡੀਗੜ੍ਹ, 12 ਫਰਵਰੀ:

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰਨਾਂ ਖੇਤਰਾਂ ਦੇ ਨਾਲ-ਨਾਲ ਸੂਬੇ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ-1 ਅਤੇ 2, ਅਮਰੁਤ ਮਿਸ਼ਨ, ਟਰਾਂਚ-3-ਅਮਰੁਤ, ਐਮ.ਡੀ.ਐਫ/ਪੀ.ਆਈ.ਡੀ.ਬੀ ਅਤੇ 15ਵੇਂ ਵਿੱਤ ਕਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਗਤੀ ਅਧੀਨ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਸ਼ਹਿਰਾਂ ਦਾ ਬੁਨਿਆਦੀ ਢਾਂਚਾ ਅੱਜ ਦੇ ਆਧੁਨਿਕ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਤਿਆਰ ਹੋ ਜਾਵੇਗਾ, ਜਿਸ ਨਾਲ ਸੂਬੇ ਦੇ ਹਰੇਕ ਨਾਗਰਿਕ ਨੂੰ ਲਾਭ ਹੋਵੇਗਾ।
ਸਥਾਨਕ ਸਰਕਾਰਾਂ ਮੰਤਰੀ ਨੇ ਐਨ. ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਤੋਂ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੁੱਚੇ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ, ਗੁਣੱਵਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਵਿਭਿੰਨ ਪ੍ਰਾਜੈਕਟਾਂ ਦੇ ਅਲਾਟ ਹੋਏ ਫੰਡਾਂ, ਖ਼ਰਚ ਕੀਤੇ ਗਏ ਫੰਡਾਂ ਅਤੇ ਬਕਾਇਆ ਫੰਡਾਂ ਬਾਰੇ ਜਾਣਕਾਰੀ ਹਾਸਲ ਕਰਨ ਮਗਰੋਂ ਕਿਹਾ ਕਿ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਸਫ਼ਲਤਾ ਮਿਲੇਗੀ। 
 ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਆਮ ਲੋਕਾਂ ਦੀ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਪ੍ਰਾਜੈਕਟਾਂ ਦੀ ਉਸਾਰੀ ਵਿੱਚ ਹਲਕਾ ਵਿਧਾਇਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਵਿਧਾਇਕਾਂ ਨੂੰ ਵਿਕਾਸ ਕਾਰਜਾਂ ਅਤੇ ਉਪਲੱਬਧ ਫੰਡਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਜਾ ਰਹੀ ਹੈ। 
ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਇਲਾਕੇ ਵਿੱਚ ਸੀਵਰੇਜ ਅਤੇ ਹੋਰ ਸਾਫ਼-ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਇਸੇ ਤਰ੍ਹਾਂ ਗਲੀਆਂ ਦੀਆਂ ਸਟਰੀਟ ਲਾਈਟਾਂ ਦੀ ਮੁਰੰਮਤ, ਛੱਪੜਾਂ ਦੀ ਸਾਫ ਸਫਾਈ, ਪਾਰਕਾਂ ਨੂੰ ਹਰਾ-ਭਰਾ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣ ਅਤੇ ਸਬੰਧਤ ਸ਼ਹਿਰਾਂ ਦੀ ਦਿੱਖ ਨੂੰ ਹੋਰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਦੇ ਉਪਰਾਲੇ ਕੀਤੇ ਜਾਣੇ ਯਕੀਨੀ ਬਣਾਏ ਜਾਣ।
ਇਸ ਮੌਕੇ ਮੀਟਿੰਗ ਵਿੱਚ ਵਿਧਾਇਕ ਡਾ. ਕਸ਼ਮੀਰ ਸਿੰਘ ਸੌਹਲ,  ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਨਗਰ ਕੌਂਸਲ/ਨਗਰ ਪੰਚਾਇਤ, ਤਰਨਤਾਰਨ, ਪੱਟੀ, ਖੇਮਕਰਨ, ਭਿੱਖੀਵਿੰਡ, ਜੰਡਿਆਲਾ ਗੁਰੂ, ਮਜੀਠਾ, ਰਮਦਾਸ, ਅਜਨਾਲਾ, ਬਾਬਾ ਬਕਾਲਾ, ਰਾਜਾਸਾਂਸੀ ਅਤੇ ਰਈਆ ਦੇ ਕਾਰਜ ਸਾਧਕ ਅਫ਼ਸਰ ਹਾਜ਼ਰ ਸਨ।

[wpadcenter_ad id='4448' align='none']