Monday, January 27, 2025

ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

Date:

ਚੰਡੀਗੜ੍ਹ, 21 ਫਰਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਬਣੇ ਹਾਲਾਤਾਂ ਨਾਲ ਬਹੁਤ ਹੀ ਸੁਚੱਜੇ ਅਤੇ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ।ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਭਾਰਤ ਸਰਕਾਰ ਦੇ ਸਕੱਤਰ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਪੰਜਾਬ ਸਰਕਾਰ ਦੀ ਆਗਿਆ ਨਾਲ ਹੀ ਸ਼ੰਭੂ ਅਤੇ ਢਾਬੀ-ਗੁਜਰਾਂ ਬਾਰਡਰ ‘ਤੇ ਵੱਡੀ ਗਿਣਤੀ ਲੋਕ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਆਪਣੇ ਸੰਘਰਸ਼ ਲਈ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਤਾਕਤ ਦਾ ਪ੍ਰਯੋਗ ਕਰਦਿਆਂ ਉਨ੍ਹਾਂ ਨੂੰ ਹਰਿਆਣਾ ਵਿੱਚੋਂ ਲੰਘਣ ਨਹੀਂ ਦਿੱਤਾ। ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨ ਸਮੂਹਾਂ ਦੀ ਆਵਾਜਾਈ ‘ਤੇ ਲਾਈ ਗਈ ਇਸ ਪਾਬੰਦੀ ਕਰਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਦੋ ਜਗ੍ਹਾ ਲੋਕ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਥੇ ਇਹ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਕਿਸਾਨਾਂ ਦਾ ਅੰਦੋਲਨ ਕਾਫ਼ੀ ਹੱਦ ਤੱਕ ਸ਼ਾਂਤਮਈ ਰਿਹਾ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ, ਤਾਕਤ ਅਤੇ ਡਰੋਨਾਂ ਸਮੇਤ ਦੰਗਿਆਂ ‘ਤੇ ਕਾਬੂ ਪਾਉਣ ਵਾਲੇ ਹੋਰ ਉਪਾਵਾਂ ਦੀ ਵੱਡੇ ਪੱਧਰ ‘ਤੇ ਵਰਤੋਂ ਕੀਤੇ ਜਾਣ ਕਾਰਨ ਲਗਭਗ 160 ਵਿਅਕਤੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ।ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਦੇ ਇਕੱਠ ਨੂੰ ਸੁਚਾਰੂ ਢੰਗ ਨਾਲ ਸੰਭਾਲਣ ਵਿੱਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਕਿ ਸਰਹੱਦ ‘ਤੇ ਲੋਕਾਂ ਦਾ ਜ਼ਿਆਦਾ ਇਕੱਠ ਨਾ ਹੋਵੇ, ਸੂਬਾਈ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਬਾਕਾਇਦਾ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਦਰਸ਼ਨਕਾਰੀਆਂ ਦੀ ਆੜ ਵਿੱਚ ਸ਼ਰਾਰਤੀ ਅਨਸਰਾਂ/ਕਾਨੂੰਨ ਭੰਗ ਕਰਨ ਵਾਲਿਆਂ ਵੱਲੋਂ ਕੋਈ ਗੜਬੜੀ ਦੀ ਸੂਚਨਾ ਵੀ ਨਹੀਂ ਹੈ, ਜਿਸ ‘ਤੇ ਪੁਲਿਸ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ।ਮੁੱਖ ਸਕੱਤਰ ਨੇ ਕਿਹਾ ਕਿ ਅਜਿਹੇ ਤੱਤਾਂ ਸਬੰਧੀ ਅੰਦਰੂਨੀ ਰਿਪੋਰਟਾਂ ਇਕੱਤਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜ ਪੈਣ ‘ਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਕਿਸਾਨ ਯੂਨੀਅਨਾਂ ਵੱਲੋਂ ਜਿਨ੍ਹਾਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਨ੍ਹਾਂ ਸਾਰੀਆਂ ਮੰਗਾਂ ਦਾ ਹੱਲ ਭਾਰਤ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨ ਦੇ ਆਪਣੇ ਯਤਨਾਂ ਤਹਿਤ ਚਾਰ ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਕੇਂਦਰੀ ਮੰਤਰੀਆਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਵਿੱਚ ਨਾ ਸਿਰਫ਼ ਪੰਜਾਬ ਸਰਕਾਰ ਵੱਲੋਂ ਸਹਾਇਤਾ ਕੀਤੀ ਗਈ ਬਲਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਸਮੇਤ ਤਿੰਨ ਵਾਰ ਮੀਟਿੰਗਾਂ ਵਿੱਚ ਵਿਅਕਤੀਗਤ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਕ ਮੀਟਿੰਗ ਮੁੱਖ ਮੰਤਰੀ ਹਾਜ਼ਰ ਨਾ ਹੋ ਸਕੇ ਤਾਂ ਪੰਜਾਬ ਦੇ ਇੱਕ ਕੈਬਨਿਟ ਮੰਤਰੀ ਸਮੇਤ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਕਰਨ ਅਤੇ ਕੇਂਦਰੀ ਮੰਤਰੀਆਂ ਦੀ ਸਹਾਇਤਾ ਲਈ ਤਾਇਨਾਤ ਕੀਤਾ ਗਿਆ ਸੀ।ਸ੍ਰੀ ਅਨੁਰਾਗ ਵਰਮਾ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਹੋਰ ਹਮਦਰਦੀ ਨਾਲ ਵਾਚਿਆ ਜਾਵੇ ਤਾਂ ਜੋ ਇਸ ਮਸਲੇ ਨੂੰ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾ ਸਕੇ।ਮੁੱਖ ਸਕੱਤਰ ਨੇ ਕਿਹਾ ਕਿ ਅਸਲ ਵਿੱਚ ਜਿਹੜੀਆਂ ਕਿਸਾਨ ਯੂਨੀਅਨਾਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ, ਉਹ ਇਸ ਗੱਲ ਤੋਂ ਜਾਣੂ ਹਨ ਕਿ ਉਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਹਨ ਤਾਂ ਜੋ ਧਰਨਿਆਂ ਕਾਰਨ ਪੈਦਾ ਹੋਈ ਸਥਿਤੀ ਨੂੰ ਜਲਦ ਨਿਪਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣਾ ਬਹੁਤ ਅਹਿਮ ਹੈ ਅਤੇ ਇੰਨੇ ਵੱਡੇ ਪ੍ਰਦਰਸ਼ਨ ਨਾਲ ਨਜਿੱਠਣ ਵੇਲੇ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਮੁੱਚੀ ਪੁਲਿਸ ਫੋਰਸ ਸਥਿਤੀ ਬਾਰੇ ਜਾਣੂ ਹੈ ਅਤੇ ਫਿਲਹਾਲ ਸਥਿਤੀ ਕਾਬੂ ਹੇਠ ਹੈ।ਮੁੱਖ ਸਕੱਤਰ ਨੇ ਪੰਜਾਬ ਦੀ ਸਥਿਤੀ ਬਾਰੇ ਮੀਡੀਆ ਰਿਪੋਰਟਾਂ ‘ਤੇ ਗੌਰ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸਥਿਤੀ ਨੂੰ ਸ਼ਾਂਤਮਈ ਅਤੇ ਕਾਬੂ ਹੇਠ ਰੱਖਣ ਲਈ ਡੀਆਈਜੀ ਰੈਂਕ ਦੇ ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਸਮੇਤ 2,000 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉੱਚ ਪੱਧਰ ‘ਤੇ ਸਥਿਤੀ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਗਤੀਵਿਧੀ ਨੂੰ ਰੋਕਣ ਲਈ ਲੋੜ ਪੈਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share post:

Subscribe

spot_imgspot_img

Popular

More like this
Related

76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ

ਚੰਡੀਗੜ੍ਹ/ਨਵਾਂਸ਼ਹਿਰ, 26 ਜਨਵਰੀ :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ...

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ:  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ,...

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ

ਹੁਸ਼ਿਆਰਪਰ, 26 ਜਨਵਰੀ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ...