ਚੰਡੀਗੜ੍ਹ, 9 ਜੁਲਾਈ:
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।
ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।
ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਜਸਟਿਸ ਸ੍ਰੀ ਸ਼ੀਲ ਨਾਗੂ ਦੇ ਪਰਿਵਾਰਕ ਮੈਂਬਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਅਤੇ ਮੌਜੂਦਾ ਜੱਜ, ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ, ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਗੁਰਮਿੰਦਰ ਸਿੰਘ, ਪੰਜਾਬ ਦੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਹੋਰ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਸ੍ਰੀ ਸ਼ੀਲ ਨਾਗੂ ਦੀ ਨਿਯੁਕਤੀ ਨੂੰ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ 4 ਜੁਲਾਈ, 2024 ਨੂੰ ਰਸਮੀ ਤੌਰ ‘ਤੇ ਨੋਟੀਫਾਈ ਕੀਤਾ ਗਿਆ ਸੀ।
ਜਸਟਿਸ ਸ੍ਰੀ ਸ਼ੀਲ ਨਾਗੂ ਦਾ ਜਨਮ 1 ਜਨਵਰੀ, 1965 ਨੂੰ ਹੋਇਆ ਸੀ। ਉਹ 5 ਅਕਤੂਬਰ, 1987 ਨੂੰ ਵਕੀਲ ਵਜੋਂ ਰਜਿਸਟਰ ਹੋਏ ਅਤੇ ਉਨ੍ਹਾਂ ਨੇ ਜਬਲਪੁਰ ਵਿਖੇ ਮੱਧ ਪ੍ਰਦੇਸ਼ ਦੇ ਹਾਈ ਕੋਰਟ ਵਿੱਚ ਸਿਵਲ ਅਤੇ ਸੰਵਿਧਾਨਕ ਮਾਮਲਿਆਂ ਵਿੱਚ ਪ੍ਰੈਕਟਿਸ ਕੀਤੀ। ਉਹ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਹੋਏ ਅਤੇ 23 ਮਈ 2013 ਨੂੰ ਸਥਾਈ ਜੱਜ ਬਣੇ।
ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਨਿਆਂ ਪ੍ਰਦਾਨ ਕਰਨ ਦਾ ਵਿਆਪਕ ਤਜ਼ਰਬਾ ਹੈ।