ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
*ਚੰਡੀਗੜ੍ਹ, 13 ਅਪ੍ਰੈਲ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਅਸੀਂ ਕਣਕ ਦੀ ਫਸਲ ਪੱਕਣ ਦੀ ਖੁਸ਼ੀ ਮਨਾਉਂਦੇ ਹਾਂ ਅਤੇ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਅਤੇ ਮਿਹਨਤ, ਭਾਈਚਾਰੇ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਾਂ।
ਮੰਤਰੀ ਨੇ ਦੁਨੀਆ ਭਰ ਦੇ ਸਾਰੇ ਪੰਜਾਬੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਪੰਜਾਬੀ ਸੱਭਿਆਚਾਰ ਦੀ ਅਮੀਰੀ, ਇੱਥੋਂ ਦੇ ਲੋਕਾਂ ਦੇ ਖੁੱਲ੍ਹੇ ਅਤੇ ਹਸਮੁੱਖ ਸੁਭਾਅ ਅਤੇ ਸੂਬੇ ਦੀ ਵਿਭਿੰਨਤਾ ਦੀ ਕਦਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਉੱਜਵਲ ਅਤੇ ਖੁਸ਼ਹਾਲ ਭਵਿੱਖ ਲਈ ਕੰਮ ਕਰਦੇ ਹੋਏ ਸਾਰੇ ਇਸ ਤਿਉਹਾਰ ਨੂੰ ਖੁਸ਼ੀ ਅਤੇ ਸ਼ਾਂਤੀ ਨਾਲ ਮਨਾਉਣ।
ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।
ਮੰਤਰੀ ਨੇ ਪੰਜਾਬ ਦੇ ਹਰ ਘਰ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।