ਚਾਲੂ ਸੀਜ਼ਨ ਦੌਰਾਨ 7300 ਕਰੋੜ ਰੁਪਏ ਦਾ ਭੁਗਤਾਨ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤਾ ਗਿਆ
ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਕੀਮਤ ਕਟੌਤੀ ਪੰਜਾਬ ਸਰਕਾਰ ਸਹੇਗੀ, ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਪੂਰੀ ਐਮ ਐਸ ਪੀ
ਸਰਕਾਰ ਅਨਾਜ ਦੇ ਦਾਣੇ-ਦਾਣੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ
ਜ਼ਮੀਨੀ ਪੱਧਰ ’ਤੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਬੰਗਾ ਮੰਡੀ ਦਾ ਦੌਰਾ ਕੀਤਾ
ਨਵਾਂਸ਼ਹਿਰ ਵਿਖੇ ਖਰੀਦ ਏਜੰਸੀਆਂ ਨਾਲ ਕੀਤੀ ਮੀਟਿੰਗ
Also Read. : ਹੁਣ 8000 ਦੀ ਥਾਂ 16000 ਰੁਪਏ ਮਹੀਨਾ ਮਿਲੇਗਾ ਕੌਮੀ ਖਿਡਾਰੀਆਂ ਨੂੰ ਤਿਆਰੀ ਲਈ ਵਜ਼ੀਫਾ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਨੇ ਲੰਘੇੇ ਦਿਨ ਤੱਕ ਰਾਜ ਦੀਆਂ ਮੰਡੀਆਂ ਵਿੱਚ ਲਗਭਗ 45 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬੰਗਾ ਮੰਡੀ ਵਿਖੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ। ਉਨ੍ਹਾਂ ਇਸ ਤੋਂ ਪਹਿਲਾਂ ਨਵਾਂਸ਼ਹਿਰ ਵਿਖੇ ਖਰੀਦ ਏਜੰਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਖਰੀਦ ਸੀਜ਼ਨ ਦੀ ਪ੍ਰਗਤੀ ਅਤੇ ਮੁਸ਼ਕਿਲਾਂ ਸਬੰਧੀ ਸਮੀਖਿਆ ਮੀਟਿੰਗ ਵੀ ਕੀਤੀ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ‘ਮੁੱਲ ਕਟੌਤੀ’ (ਵੈਲਿਯੂ ਕੱਟ) ਦੀ ਕਟੌਤੀ ਕੀਤੇ ਬਿਨਾਂ ਹੁਣ ਤੱਕ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 7300 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਖੁਰਾਕ ਮੰਤਰੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਕਿਸਾਨਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਕਣਕ ਦੀ ਪੂਰੀ ਰਕਮ ਅਦਾ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।” ਉਨ੍ਹਾਂ ਕਿਹਾ ਕਿ ਕਟੌਤੀ ਦੇਸ਼ ਦੇ ਅੰਨਦਾਤੇ ਨਾਲ ਸਰਾਸਰ ਬੇਇਨਸਾਫ਼ੀ ਹੋਵੇਗੀ ਅਤੇ ਇਸ ਨਾਲ ਉਨ੍ਹਾਂ ਦੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰਾ ਜੋ ਪਹਿਲਾਂ ਹੀ ਭਾਰੀ ਮੀਂਹ ਦੇ ਕਹਿਰ ਦੀ ਮਾਰ ਹੇਠ ਸੀ, ਫ਼ਸਲਾਂ ਦੇ ਨੁਕਸਾਨ ਬਾਅਦ ਇਸ ਕੱਟ ਨੂੰ ਸਹਿਣ ਦੀ ਸਥਿਤੀ ’ਚ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ’ਤੇ ਇਹ ਮੁੱਲ ਕਟੌਤੀ ਨਹੀਂ ਕਰਨੀ ਚਾਹੀਦੀ ਸੀ ਕਿਉਂਕਿ ਸੂਬੇ ਦੇ ਕਿਸਾਨ ਪਹਿਲਾਂ ਹੀ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਨੂੰ ਹੋਰ ਮੁਸ਼ਕਲ ਤੋਂ ਬਚਾਉਣ ਲਈ ਤੁਰੰਤ ਖਰੀਦ ਕਰਨ ਅਤੇ ਅਦਾਇਗੀ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਕੁਦਰਤੀ ਆਫਤਾਂ ਨਾਲ ਝੰਬੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਬੰਗਾ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਆਏ ਕਿਸਾਨ ਮੱਖਣ ਸਿੰਘ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ, ਉਨ੍ਹਾਂ ਨੂੰ ਮੰਡੀਆਂ ਵਿੱਚ ਆ ਰਹੀ ਮੁਸ਼ਕਲ ਬਾਰੇ ਪੁੱਛਿਆ, ਪਰ ਕਿਸਾਨਾਂ ਨੇ ਸਰਕਾਰ ਵੱਲੋਂ ਨਿਰਵਿਘਨ ਖਰੀਦ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਤੋਂ ਮਾਰਕੀਟ ਕਮੇਟੀਆਂ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ ਪਰ ਉਨ੍ਹਾਂ ਕੁਝ ਹੋਰ ਵਾਧੂ ਪਖਾਨਿਆਂ ਦੀ ਮੰਗ ਕਰਦਿਆਂ ਮੌਜੂਦਾ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਮੌਕੇ ’ਤੇ ਹੀ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਅਗਲੇ ਖਰੀਦ ਸੀਜ਼ਨ ਤੱਕ ਹੋਰ ਪਖਾਨਾ ਯੂਨਿਟਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਬੰਗਾ ਤੋਂ ਸੀਨੀਅਰ ਆਪ ਆਗੂ ਕੁਲਜੀਤ ਸਿੰਘ ਸਰਹਾਲ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਘਣਸ਼ਿਆਮ ਥੋਰੀ, ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਐਸ ਡੀ ਐਮ ਮੇਜਰ ਸ਼ਿਵਰਾਜ ਬੱਲ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਨੀਲੇ ਕਾਰਡਾਂ (ਆਟਾ ਦਾਲ ਸਕੀਮ) ਦੀ ਤਸਦੀਕ ਸਬੰਧੀ ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਇਹ ਪ੍ਰਕਿਰਿਆ ਬਿਨਾਂ ਕਿਸੇ ਦਖਲ-ਅੰਦਾਜ਼ੀ ਦੇ ਚੱਲ ਰਹੀ ਹੈ ਅਤੇ ਇਹ ਯਕੀਨ ਦਿਵਾਇਆ ਕਿ ਯੋਜਨਾ ਦਾ ਲਾਭ ਕੇਵਲ ਜਾਇਜ਼ ਲਾਭਪਾਤਰੀਆਂ ਨੂੰ ਹੀ ਮਿਲੇਗਾ।
ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਨੇ ਨਵਾਂਸ਼ਹਿਰ ਦੇ ਡੀ ਸੀ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਖਰੀਦ ਏਜੰਸੀਆਂ ਦੀ ਸਮੀਖਿਆ ਮੀਟਿੰਗ ਵੀ ਕੀਤੀ। ਉਨ੍ਹ੍ਹਾਂ ਨੇ ਖਰੀਦ ਏਜੰਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਪੁੱਛਿਆ ਅਤੇ ਖਰੀਦ ਵਿੱਚ ਤੇਜ਼ੀ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਿਫਟਿੰਗ ਨੂੰ ਵੀ ਵਧਾਉਣ ਲਈ ਕਿਹਾ। ਇਸ ਮੌਕੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੰਘੀ ਸ਼ਾਮ ਤੱਕ ਜ਼ਿਲ੍ਹੇ ’ਚ 85000 ਦੇ ਕਰੀਬ ਮੀਟ੍ਰਿਕ ਟਨ ਕਣਕ ਖਰੀਦ ਕੀਤੀ ਜਾ ਚੁੱਕੀ ਹੈ ਅਤੇ 131 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ’ਚ ਤਬਦੀਲ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਉਨ੍ਹਾਂ ਨਾਲ ਡਾਇਰੈਕਟਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਘਨਸ਼ਿਆਮ ਥੋਰੀ ਵੀ ਹਾਜ਼ਰ ਸਨ।
ਨਵਾਂਸ਼ਹਿਰ ਵਿਖੇ ਵਿਧਾਇਕ ਬਲਾਚੌਰ ਸ੍ਰੀਮਤੀ ਸੰਤੋਸ਼ ਕਟਾਰੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ, ਸੀਨੀਅਰ ਆਪ ਆਗੂ ਬੰਗਾ ਕੁਲਜੀਤ ਸਿੰਘ ਸਰਹਾਲ ਤੋਂ ਇਲਾਵਾ ਡੀ ਸੀ ਐਨ ਪੀ ਐਸ ਰੰਧਾਵਾ ਅਤੇ ਐਸ ਐਸ ਪੀ ਭਗੀਰਥ ਸਿੰਘ ਮੀਨਾ ਨੇ ਖੁਰਾਜ ਤੇ ਸਿਵਲ ਸਪਲਾਈ ਮੰਤਰੀ ਦਾ ਸਵਾਗਤ ਕੀਤਾ।
ਫ਼ੋਟੋ ਕੈਪਸ਼ਨ:
ਸ਼ੁੱਕਰਵਾਰ ਨੂੰ ਦਾਣਾ ਮੰਡੀ ਬੰਗਾ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ।
ਨਵਾਂਸ਼ਹਿਰ ਵਿਖੇ ਸ਼ੁੱਕਰਵਾਰ ਨੂੰ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਖਰੀਦ ਏਜੰਸੀਆਂ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ। ਉਨ੍ਹਾਂ ਦੇ ਨਾਲ ਐਮ ਐਲ ਏ ਸੰਤੋਸ਼ ਕਟਾਰੀਆ ਵੀ ਨਜ਼ਰ ਆ ਰਹੇ ਹਨ।