ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ
ਚੰਡੀਗੜ੍ਹ, 17 ਫਰਵਰੀ
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ।
ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ‘ਚ ਜੋ ਕਰਮਚਾਰੀ ਕਾਫੀ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਉਹਨਾਂ ਦੀ ਨੌਕਰੀ ਵਿੱਚ ਸਥਿਰਤਾ ਅਤੇ ਸੁਰੱਖਿਆ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ, ਪੰਜਾਬ ਨਾਲ ਹੋਈ ਗੱਲਬਾਤ ਵਿੱਚ ਕੱਚੇ ਮੁਲਾਜਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ‘ਤੇ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਕਾਨੂੰਨੀ ਤੌਰ ‘ਤੇ ਮਜ਼ਬੂਤ ਹੋਵੇ, ਤਾਂ ਜੋ ਇਸਦੀ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਅੜਚਣ ਨਾ ਆਵੇ।
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਪਾਲਿਸੀ ਦੀ ਪ੍ਰਕਿਰਿਆ ਜਲਦ ਤੋਂ ਜਲਦ ਤਿਆਰ ਕਰਕੇ ਸਰਕਾਰ ਅੱਗੇ ਪੇਸ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਨੂੰ ਨੌਕਰੀ ਦੀ ਸਥਿਰਤਾ ਮਿਲਣ ਨਾਲ ਟਰਾਂਸਪੋਰਟ ਸੇਵਾਵਾਂ ਦੀ ਕੁਸ਼ਲਤਾ ਅਤੇ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ।