ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 11 ਮਾਰਚ:



ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਵੱਖ ਵਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਨਿਰਦੇਸ਼ ਦਿੱਤੇ ਕਿ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਅਤੇ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਜਿੱਥੇ ਇੱਕ ਪਾਸੇ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਸਰਗਰਮ ਹੈ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਆਧਾਰ ਬਣਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਹੋ ਰਹੀ ਹੈ ਜਿੱਥੇ ਨਸ਼ਾ ਮੁਕਤ ਸ੍ਰੀ ਮੁਕਤਸਰ ਸਾਹਿਬ ਮੁਹਿੰਮ ਦੀ ਆਰੰਭਤਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਤਹਿਤ ਸਰਕਾਰ ਵੱਲੋਂ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਆਰੰਭ ਕੀਤੀਆਂ ਗਈਆਂ ਹਨ ਉਥੇ ਹੀ ਕੌਮਾਂਤਰੀ ਪੱਧਰ ਤੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦੇਕੇ ਵੀ ਪੰਜਾਬ ਵਿਚ ਖੇਡ ਸਭਿਆਚਾਰ ਵਿਕਸਤ ਕੀਤਾ ਜਾ ਰਿਹਾ ਹੈ।

 ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਨੂੰ ਅਟੈਚ ਕਰਨ ਦੇ ਨਾਲ ਨਾਲ ਨਜਾਇਜ਼ ਤੌਰ ਤੇ ਬਣਾਈਆਂ ਗਈਆਂ ਜਾਇਦਾਤਾਂ ਨੂੰ ਬੁਲਡੋਜ਼ਰ ਨਾਲ ਨਸ਼ਟ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਢਿੱਲੇ ਰਵਈਏ ਕਾਰਨ ਹੀ ਨਸ਼ੇ ਦਾ ਨਸੂਰ ਵਧਿਆ ਹੈ ਪਰ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਲਏ ਸਖਤ ਸਟੈਂਡ ਤੋਂ ਬਾਅਦ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਸੰਕਲਪ ਸਿੱਧੀ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਮਤੇ ਪਾਉਣੇ ਚਾਹੀਦੇ ਹਨ ਕਿ ਪਿੰਡ ਦਾ ਕੋਈ ਵੀ ਵਿਅਕਤੀ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਲੋਕਾਂ ਦੀ ਜਮਾਨਤ ਨਹੀਂ ਦੇਵੇਗਾ। ਉਨਾਂ ਨੇ ਕਿਹਾ ਕਿ ਜਦ ਸਾਰੇ ਲੋਕ ਅਹਿਦ ਲੈਣਗੇ ਤਾਂ ਅਸੀਂ ਆਪਣੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਨਿਸ਼ਾਨੇ ਨੂੰ ਪ੍ਰਾਪਤ ਕਰ ਸਕਾਂਗੇ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਨਸ਼ਾ ਤਸਕਰ ਖਿਲਾਫ ਢਿੱਲ ਨਾ ਵਰਤੀ ਜਾਵੇ। ਉਨਾਂ ਨੇ ਕਿਹਾ ਕਿ ਖੇਡ ਗਰਾਊਂਡਾਂ ਜਾਂ ਪਾਰਕਾਂ ਦੇ ਨਜ਼ਦੀਕ ਪੁਲਿਸ ਨੂੰ ਹੋਰ ਚੌਕਸੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਕਿਉਂਕਿ ਇੱਥੇ ਨਸ਼ਾ ਤਸਕਰ ਨਵੇਂ ਨੌਜਵਾਨਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੇ ਹਨ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਆਈਏਐਸ ਅਤੇ ਐਸਐਸਪੀ ਸ੍ਰੀ ਅਖਿਲ ਚੌਧਰੀ ਨੇ ਕੈਬਨਿਟ ਮੰਤਰੀ ਨੂੰ ਜਿਲੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕੀਤੇ ਜਾ ਰਹੇ ਵੱਖ ਵਖ ਉਪਰਾਲਿਆਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ।

ਨਸ਼ਾ ਮੁਕਤ ਸ੍ਰੀ ਮੁਕਤਸਰ ਸਾਹਿਬ ਲਈ ਖੇਡਾਂ ਮੁਹਿੰਮ ਦੀ ਹੋਵੇਗੀ ਸ਼ੁਰੂਆਤ

ਕੈਬਨਿਟ ਮੰਤਰੀ ਸ਼੍ਰੀ ਲਾਲ ਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਨਸ਼ਾ ਮੁਕਤ ਸ੍ਰੀ ਮੁਕਤਸਰ ਸਾਹਿਬ ਲਈ ਖੇਡਾਂ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਉਪਲਬਧ ਖੇਡਾਂ ਸਬੰਧੀ ਬੁਨਿਆਦੀ ਢਾਂਚੇ ਅਤੇ ਮਨੁੱਖੀ ਸਰੋਤਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਇਸ ਮੁਹਿੰਮ ਨੂੰ ਪ੍ਰਭਾਵੀ ਤਰੀਕੇ ਨਾਲ ਆਰੰਭ ਕੀਤਾ ਜਾਵੇਗਾ।

10 ਦਿਨ ਵਿੱਚ ਫੜੇ 100 ਤਸਕਰ

ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਪਿਛਲੇ 10 ਦਿਨਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਤਸਕਰਾਂ ਦੇ ਖਿਲਾਫ 64 ਐਫਆਈਆਰ ਦਰਜ ਕਰਕੇ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹੋਟ ਸਪੋਟ ਖੇਤਰਾਂ ਤੇ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।

ਮਾਪੇ ਅਤੇ ਸਮਾਜ ਦੇ ਪੱਧਰ ‘ਤੇ ਵੀ ਰਹੇਗੀ ਚੌਕਸੀ

ਕੈਬਨਿਟ ਮੰਤਰੀ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿੱਥੇ ਪ੍ਰਸ਼ਾਸਨ ਦੇ ਪੱਧਰ ਤੇ ਨਸ਼ਿਆਂ ਦੇ ਖਿਲਾਫ ਕਾਰਵਾਈ ਆਰੰਭੀ ਗਈ ਹੈ ਉੱਥੇ ਹੀ ਸਮਾਜੀਕ ਭਾਗੀਦਾਰੀ ਨੂੰ ਵਧਾਉਣ ਦੇ ਨਾਲ ਨਾਲ ਮਾਪਿਆਂ ਨੂੰ ਵੀ ਨੌਜਵਾਨਾਂ ਅਤੇ ਬੱਚਿਆਂ ਦੀ ਸ਼ਖਸ਼ੀਅਤ ਉਸਾਰੀ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਾਲ ਲੋਕਾਂ ਨਾਲ ਰਾਬਤਾ ਕਰਨ ਲਈ 244 ਸੈਮੀਨਾਰ ਕਰਵਾਏ ਗਏ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅੰਤਕਵਾਦ ਦਾ ਖਾਤਮਾ ਦੀ ਲੋਕ ਭਾਗੀਦਾਰੀ ਨਾਲ ਹੋਇਆ ਸੀ ਅਤੇ ਨਸ਼ਿਆਂ ਨੂੰ ਵੀ ਲੋਕ ਭਾਗੀਦਾਰੀ ਨਾਲ ਹੀ ਸਮਾਪਤ ਕੀਤਾ ਜਾਵੇਗਾ।

ਇਸ ਮੌਕੇ ਸ੍ਰੀ ਅਮੀਤ ਸਿੰਘ ਖੁਡੀਆਂ, ਚੇਅਰਮੈਨ ਜਗਦੀਪ ਸਿੰਘ ਸੰਧੂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਢਿੱਲੋ, ਐਸਪੀ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ, ਐਸਡੀਐਮ ਡਾ: ਸੰਜੀਵ ਕੁਮਾਰ ਅਤੇ ਬਲਜੀਤ ਕੌਰ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਸੁਖਜਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਲੰਡੇ ਰੋਡੇ, ਜਗਦੀਪ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Tags: