’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

 ਚੰਡੀਗੜ੍ਹ, 6 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।


ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾਂ ਤਸਕਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਜ਼ਮਾਨਤਾਂ ‘ਚ ਨੰਬਰਦਾਰ ਤੇ ਸਰਪੰਚ ਗਵਾਹੀ ਨਾ ਪਾਉਣ। ਉਨ੍ਹਾਂ ਕਿਹਾ ਕਿ ਨਸ਼ੇ ਦਾ ਜ਼ਹਿਰ ਸਖ਼ਤੀ ਨਾਲ ਤੇ ਲੋਕਾਂ ਦੇ ਸਹਿਯੋਗ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਖ਼ਤਮ ਕੀਤਾ ਜਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਨੌਜਵਾਨਾਂ ਨੂੰ ਵਿੱਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਪੰਚਾਂ ਨੂੰ ਨਿੱਜੀ ਸੁਰੱਖਿਆ ਲਈ ਅਸਲਾ ਲਾਈਸੰਸ ਜਾਰੀ ਕੀਤੇ ਜਾਣ ਤਾਂ ਜੋ ਉਹ ਨਸ਼ਾ ਤਸਕਰਾਂ ਤੋਂ ਆਪਣੀ ਸੁਰੱਖਿਆ ਕਰ ਸਕਣ। ਉਨ੍ਹਾਂ  ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਨਸ਼ਾ ਤਸਕਰੀ ਛੱਡ ਦੇਣ।

ਮੀਟਿੰਗ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ, ਐਡਵੋਕੇਟ ਰਜਨੀਸ਼਼ ਦਹੀਆ, ਫੌਜਾ ਸਿੰਘ ਸਰਾਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ‘ਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਨਸ਼ਿਆਂ ਵਿਰੁੱਧ ਲੋਕ ਲਹਿਰ ਉਸਾਰਨ ’ਤੇ ਜ਼ੋਰ ਦਿੰਦਿਆਂ ਵੱਖ-ਵੱਖ ਸੁਝਾਅ ਦਿੱਤੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ‘ਵਾਰ ਰੂਮ’ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਨੂੰ ਸਰਾਹਿਆ।

ਡਿਪਟੀ ਕਮਿਸ਼ਨ ਦੀਪਸ਼ਿਖਾ ਸ਼ਰਮਾ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਮੁੱਚੀ ਟੀਮ ਆਪਸੀ ਤਾਲਮੇਲ ਨਾਲ ਅਤੇ ਪੂਰੀ ਤਨਦੇਹੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਕੰਮ ਕਰ ਰਹੀ ਹੈ। ਉਨ੍ਹਾਂ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਅਸੀਂ ਨਿਰਧਾਰਿਤ ਸਮੇਂ ਅੰਦਰ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਵਾਂਗੇ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।

ਇਸ ਮੌਕੇ ਡੀ.ਆਈ.ਜੀ. ਸਵੱਪਨ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਸਰਹੱਦੀ ਜ਼ਿਲ੍ਹੇ ‘ਚ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਐਸ.ਐਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੇ 6 ਦਿਨਾਂ ਦੌਰਾਨ ਕੀਤੇ ਗਏ ਪੁਲਿਸ ਐਕਸ਼ਨ ਦੌਰਾਨ 23 ਐਫ਼.ਆਈ.ਆਰਜ਼, 31 ਗ੍ਰਿਫਤਾਰੀਆਂ, 7.5 ਕਿਲੋ ਹੈਰੋਇਨ, 4070 ਨਸ਼ੇ ਦੀਆਂ ਗੋਲੀਆਂ, 1 ਡਰੋਨ, 1 ਪਿਸਟਲ ਆਦਿ ਬਰਾਮਦ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਜਾਇਦਾਦ ਕੁਰਕ ਕਰਨ ਦੇ ਮਾਮਲਿਆਂ ਵਿੱਚ ਵੀ ਕਾਰਵਾਈ ਚੱਲ ਰਹੀ ਹੈ।

ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਇੱਕ ਪੀ.ਪੀ.ਟੀ. ਪੇਸ਼ਕਾਰੀ ਰਾਹੀਂ ਚਾਨਣਾ ਪਾਇਆ।

ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੰਤਮ ਝਟਕਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਤੇ ਮੁਕੰਮਲ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਆਂ ਦੀ ਪੁਲਿਸ ਨੂੰ ਜਲਦੀ ਹੀ ਐਂਟੀ ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਸ. ਭੁੱਲਰ ਨੇ ਇਸ ਮੌਕੇ ਸਰਹੱਦੀ ਪਿੰਡਾਂ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਾਲੇ ਨੌਜਵਾਨਾਂ ਨੂੰ ਨਸ਼ਾ ਵਿਰੋਧੀ ਸਲੋਗਨ ਵਾਲੀ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ।
ਬੀ.ਐਸ.ਐਫ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ‘ਚ ਸਹਿਯੋਗ ਕਰਨ ਅਤੇ ਸਰਹੱਦੀ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਨ ਹਿੱਤ ਸਿਖਲਾਈ ਪ੍ਰੋਗਰਾਮ ਪ੍ਰੀ-ਰਿਕਰੂਟਮੈਂਟ ਸ਼ੁਰੂ ਕੀਤਾ ਗਿਆ ਹੈ। ਇਹ ਪਾਇਲਟ ਪ੍ਰਾਜੈਕਟ ਨਸ਼ਿਆਂ ਤੋਂ ਦੂਰ ਰਹਿਣ ਅਤੇ ਫੌਜ਼ ਅਤੇ ਪੁਲਿਸ ਵਿੱਚ ਭਰਤੀ ਲਈ ਸਮਰੱਥ ਬਣਨ ਦੀ ਪ੍ਰੇਰਣਾ ਵੀ ਦੇਵੇਗਾ।

ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਐਸ.ਡੀ.ਐਮ. ਫ਼ਿਰੋਜ਼ਪੁਰ/ਗੁਰੂਹਰਸਹਾਏ ਦਿਵਿਆ ਪੀ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ,  ਚੇਅਰਮੈਨ ਪਲਾਨਿੰਗ ਬੋਰਡ ਸ. ਚੰਦ ਸਿੰਘ ਗਿੱਲ, ਜ਼ਿਲ੍ਹੇ ਦੀਆਂ ਸਮੂਹ ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਸਮੂਹ ਡੀ.ਐੱਸ.ਪੀ. ਅਤੇ ਐੱਸ.ਐਚ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Tags: