ਨਸ਼ਿਆਂ ਦੀ ਰੋਕਥਾਮ ਅਤੇ ਜਾਗਰੂਕਤਾ ਉਪਰਾਲਿਆਂ ਦੀ ਹਫ਼ਤਾਵਰੀ ਹੋਵੇਗੀ ਸਮੀਖਿਆ : ਡਿਪਟੀ ਕਮਿਸ਼ਨਰ

ਨਸ਼ਿਆਂ ਦੀ ਰੋਕਥਾਮ ਅਤੇ ਜਾਗਰੂਕਤਾ ਉਪਰਾਲਿਆਂ ਦੀ ਹਫ਼ਤਾਵਰੀ ਹੋਵੇਗੀ ਸਮੀਖਿਆ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 16 ਅਪ੍ਰੈਲ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹੇ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਛੁਡਾਉਣ ਅਤੇ ਜਾਗਰੂਕਤਾ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਦਾ ਹਫਤਾਵਰੀ ਜਾਇਜ਼ਾ ਲੈਂਦਿਆਂ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਵੇਗਾ।

          ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਲਪੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣਾ ਅਤੇ ਇਸ ਅਲਾਮਤ ਨੂੰ ਫੈਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਉਣਾ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਲਿਆਂਦੀ ਤੇਜ਼ੀ ਅਤੇ ਸਬੰਧਤ ਵਿਭਾਗਾਂ ਦੀ ਸਰਗਰਮ ਭੂਮਿਕਾ ਸਦਕਾ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਨਸ਼ਾ ਛੁਡਾਊ ਕੇਂਦਰਾਂ ’ਤੇ ਮਰੀਜ਼ਾਂ ਦੀ ਗਿਣਤੀ ਵਿਚ ਇਜ਼ਾਫ਼ਾ ਹੋਇਆ ਹੈ ਜੋ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਤੀਜਾ ਹੈ।

          ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਅਤੇ ਨਸ਼ਾ ਛੁਡਾਊ ਕੇਂਦਰਾਂ ਦੀ ਸਮਰੱਥਾ ਵਿਚ ਵਾਧੇ ਬਾਰੇ ਦੱਸਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮੁੜ ਵਸੇਬਾ ਕੇਂਦਰ ਦੀ ਪੁਰਾਣੀ 60 ਬੈੱਡਾਂ ਦੀ ਸਮਰੱਥਾ ਨੂੰ ਵਧਾ ਕੇ 100 ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ 10-10 ਬੈੱਡਾਂ ਦੀ ਸਮਰੱਥਾ ਨੂੰ 20-20 ਕਰ ਦਿੱਤਾ ਗਿਆ ਹੈ ਜੋ ਕਿ ਮਰੀਜ਼ਾਂ ਲਈ ਲਾਭਦਾਇਕ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕਾ ਕੋਈ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ, ਨਸ਼ਾ ਛੁਡਾਊ ਕੇਂਦਰਾਂ ਜਾਂ ਸਬੰਧਤ ਅਧਿਕਾਰੀਆਂ ਨਾਲ ਰਾਬਤਾ ਕਰ ਸਕਦਾ ਹੈ ਤਾਂ ਜੋ ਸੁਚੱਜੇ ਢੰਗ ਨਾਲ ਉਸ ਨੂੰ ਇਸ ਅਲਾਮਤ ’ਚੋਂ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਇਕ ਮਹੀਨੇ ਵਿਚ ਘੱਟੋ-ਘੱਟ 2 ਵਾਰ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕਰਕੇ ਉਥੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਰਾਹੀਂ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਹੋਰ ਜਾਗਰੂਕ ਅਤੇ ਸਿਹਤਮੰਦ ਜ਼ਿੰਦਗੀ ਪ੍ਰਤੀ ਉਤਸ਼ਾਹਿਤ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਪ੍ਰਕਿਰਿਆ, ਬੁਨਿਆਦੀ ਢਾਂਚਾ ਅਤੇ ਸਹੂਲਤਾਂ ਬਾਰੇ ਲੋੜੀਂਦੀ ਜਾਣਕਾਰੀ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣਗੇ ਤਾਂ ਜੋ ਬਣਦੇ ਸੁਧਾਰ ਅਮਲ ਵਿਚ ਲਿਆਂਦੇ ਜਾ ਸਕਣ।

          ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਫੈਲਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਸਬੰਧਤ ਵਿਭਾਗ, ਸਮਾਜਿਕ ਜਥੇਬੰਦੀਆਂ, ਸੈਲਫ ਹੈਲਪ ਗਰੁੱਪਾਂ, ਪਿੰਡਾਂ ਦੀਆਂ ਪੰਚਾਇਤਾਂ, ਵਿਦਿਆਰਥੀਆਂ ਆਦਿ ਦੀ ਭਰਵੀਂ ਸ਼ਮੂਲੀਅਤ ਨਾਲ ਵਿਸ਼ੇਸ਼ ਸੈਮੀਨਾਰ, ਕੈਂਪ ਅਤੇ ਸੰਪਰਕ ਮੀਟਿੰਗਾਂ ਕੀਤੀਆਂ ਜਾਣਗੀਆਂ  ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਾ ਵਿਕਣ ਬਾਰੇ ਉਨ੍ਹਾਂ ਕੋਲ ਕੋਈ ਵੀ ਜਾਣਕਾਰੀ ਹੈ ਤਾਂ ਉਹ ਇਸ ਨੂੰ ਹੈਲਪਲਾਈਨ ਰਾਹੀਂ ਜਾਂ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕਰ ਸਕਦੇ ਹਨ ਜਿਸ ਬਾਰੇ ਉਨ੍ਹਾਂ ਦੀ ਸ਼ਨਾਖਤ ਨੂੰ ਪੂਰੀ ਤਰ੍ਹਾਂ ਰੱਖਦਿਆਂ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Tags: