ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਤਰਨ ਤਾਰਨ, 20 ਫਰਵਰੀ :
ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ (ਆਈ. ਏ. ਐਸ.) ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਉਪਰੰਤ ਉਹਨਾਂ ਨਾਮਜ਼ਦਗੀ ਕੇਂਦਰਾਂ ਦਾ ਦੌਰਾ ਵੀ ਕੀਤਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਰਾਹੁਲ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਭਿਮਨਿਊ ਰਾਣਾ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਚੋਣ ਆਬਜ਼ਰਵਰ ਵਲੋਂ ਨਿਰਦੇਸ਼ ਦਿੱਤੇ ਕਿ ਪੂਰੀ ਚੋਣ ਪ੍ਰਕ੍ਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ, ਚੋਣ ਸਮੱਗਰੀ, ਮਾਡਲ ਕੋਡ ਆਫ ਕੰਡਕਟ ਲਾਗੂ ਕਰਨ, ਸੁਰੱਖਿਆ ਵਿਵਸਥਾ ਤੇ ਈ. ਵੀ. ਐੱਮ. ਮਸ਼ੀਨਾਂ ਦੀ ਸਥਿਤੀ ਸਬੰਧੀ ਜਾਇਜ਼ਾ ਲਿਆ।ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਚੋਣ ਪ੍ਰਕ੍ਰਿਆ ਨੂੰ ਸਫਲਤਾਪੂਰਵਕ ਮੁਕੰਮਲ ਕੀਤਾ ਜਾ ਸਕੇ।
ਚੋਣ ਅਬਜ਼ਰਵਰ ਨੇ ਕਿਹਾ ਕਿ ਚੋਣਾਂ ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ ’ਤੇ ਉਸ ਉੱਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਨੇ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਰਾਜ ਚੋਣ ਕਮਿਸ਼ਨ ਦੀਆਂ ਹੋਰ ਹਦਾਇਤਾਂ ਤੋਂ ਜਾਣੂ ਕਰਵਾਇਆ।
ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਰਨ ਤਾਰਨ ਨਗਰ ਕੌਂਸਲ ਚੋਣਾਂ ਪੂਰੀ ਤਰ੍ਹਾਂ ਅਮਨ ਸ਼ਾਂਤੀ ਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਿਤ ਕਿਸੇ ਵੀ ਸ਼ਿਕਾਇਤ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕਦੀ ਹੈ।
ਇਸ ਮੌਕੇ ਜਿਲ੍ਹਾ ਚੋਣ ਅਫਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਕੁੱਲ 25 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 63 ਬੂਥ ਸੁਰੱਖਿਅਤ ਬਿਲਡਿੰਗਜ ਵਿੱਚ ਸਥਾਪਿਤ ਕੀਤੇ ਗਏ ਹਨ। ਨਗਰ ਕੌਂਸਲ ਤਰਨ ਤਾਰਨ ਦੇ ਕੁੱਲ 56,600 ਵੋਟਰ ਹਨ, ਜਿਨ੍ਹਾਂ ਵਿੱਚ 28,992 ਮਰਦ ਅਤੇ 27,603 ਔਰਤਾਂ ਅਤੇ ਤੀਜਾ ਲਿੰਗ ਦੇ ਕੇਵਲ 5 ਵੋਟਰ ਹਨ।
ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਰਸਲ 23 ਫਰਵਰੀ ਅਤੇ ਦੂਜੀ ਰਿਹਰਸਲ 27 ਫਰਵਰੀ ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਪੂਰੀ ਤਰਾਂ ਸ਼ਾਂਤਮਈ, ਆਜ਼ਾਦਾਨਾ ਤੇ ਨਿਰਪੱਖ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਐੱਸ. ਐੱਸ. ਪੀ. ਸ੍ਰੀ ਅਭਿਮਨਿਊ ਰਾਣਾ ਵੱਲੋਂ ਚੋਣ ਅਬਜ਼ਰਵਰ ਨੂੰ ਸੁਰੱਖਿਆ ਵਿਵਸਥਾ ਬਾਰੇ ਜਾਣੂੰ ਕਰਵਾਇਆ ਗਿਆ।ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਚੋਣਾਂ ਲਈ ਤਿਆਰੀ ਮੁਕੰਮਲ ਕਰ ਲਈ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਐੱਸ. ਪੀ. ਹੈੱਡਕੁਆਟਰ ਸ਼੍ਰੀਮਤੀ ਪਰਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।