ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਚੰਡੀਗੜ੍ਹ, 8 ਮਾਰਚ:

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ 'ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਾਰੇ ਕੰਮ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਟਾਫ ਭਰਤੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਅੱਜ ਵਿਦੇਸ਼ ਜਾਣ ਵਾਲੀਆਂ ਜ਼ਿਆਦਾਤਰ ਪ੍ਰਿੰਸੀਪਲ ਔਰਤਾਂ ਹਨ। ਉਨ੍ਹਾਂ ਕਿਹਾ ਕਿ ਇਸ ਪਰਸਪਰ ਗਿਆਨ ਵਟਾਂਦਰਾ ਪ੍ਰੋਗਰਾਮ ਨਾਲ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਦੁਨੀਆ ਭਰ ਦੇ ਸਭ ਤੋਂ ਵਧੀਆ ਸਿੱਖਣ ਅਭਿਆਸਾਂ ਬਾਰੇ ਜਾਣੂ ਕਰਵਾਉਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਿੰਸੀਪਲਾਂ ਦੀ ਮੁਹਾਰਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਗੀ ਤਰ੍ਹਾਂ ਤਿਆਰ ਕਰਨ ਵਿੱਚ ਮਦਦ ਕਰੇਗੀ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦੇ ਯੋਗ ਹੋਣਗੇ।

ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਵਿਦਿਆਰਥੀ ਇਨ੍ਹਾਂ ਪ੍ਰਿੰਸੀਪਲਾਂ ਦੇ ਅਪਗ੍ਰੇਡ ਕੀਤੇ ਹੁਨਰ ਤੋਂ ਬਹੁਤ ਕੁਝ ਸਿੱਖਣਗੇ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਉਹ ਕਾਨਵੈਂਟ ਦੇ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰਿੰਸੀਪਲ ਆਪਣੀ ਮੁਹਾਰਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਸਾਂਝੀ ਕਰਨਗੇ, ਜਿਸ ਨਾਲ ਸਿੱਖਿਆ ਖੇਤਰ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਪੰਜਾਬ ਵਿੱਚ ਸੂਬਾ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਲਗਾਤਾਰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਿਡਲ, ਸੈਕੰਡਰੀ ਅਤੇ ਹਾਈ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਕੂਲਾਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਮਾਪੇ-ਅਧਿਆਪਕ ਮਿਲਣੀ ਵੀ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਿਆ ਬਾਰੇ ਜਾਗਰੂਕ ਕਰਨ ਵਿੱਚ ਮਦਦ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਦਮ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਵਿੱਚ ਮਦਦ ਕਰਨਗੇ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਭਲਕੇ ਹੋਣ ਵਾਲੇ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਇਹ ਹਰੇਕ ਦੇਸ਼ ਵਾਸੀ ਲਈ ਮਾਣ ਦਾ ਪਲ ਹੈ ਕਿਉਂਕਿ ਖਿਡਾਰੀਆਂ ਨੇ ਟੀਮ ਨੂੰ ਇਸ ਇਤਿਹਾਸਕ ਪਲ ਤੱਕ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਟੀਮ ਇੰਡੀਆ ਐਤਵਾਰ ਨੂੰ ਹੋਣ ਵਾਲੇ ਮੈਚ ਵਿੱਚ ਚੈਂਪੀਅਨਜ਼ ਕੱਪ ਟਰਾਫੀ ਚੁੱਕ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗੀ।

Tags: