ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਹੁਸ਼ਿਆਰਪੁਰ, 19 ਮਾਰਚ : ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਸਥਾਨਕ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਅੱਜ ਇਥੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਟਰੱਸਟ ਦੀ ਕਾਰਗੁ਼ਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਇਆ ਜਾਵੇਗਾ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਉਦੇਸ਼ ਅਨੁਸਾਰ ਲੋਕਾਂ ਦੇ ਕੰਮ ਸੁਖਾਲੇ ਅਤੇ ਸਮਾਂਬੱਧ ਢੰਗ ਨਾਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਨਾਲ ਸਬੰਧਤ ਖੇਤਰਾਂ ਦੇ ਰੱਖ-ਰਖਾਵ ਅਤੇ ਹੋਰਨਾਂ ਪ੍ਰਕਿਰਿਆਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਲਾਗੂ ਕਰਦਿਆਂ ਵਸਨੀਕਾਂ ਨੂੰ ਸਮੇਂ-ਸਮੇਂ ਸਿਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿਚ ਚਹੁੰਮੁਖੀ ਵਿਕਾਸ ਯਕੀਨੀ ਬਣਾਉਣ ਲਈ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਲਾਮਿਸਾਲ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸੀਵਰੇਜ਼ ਅਤੇ ਜਲ ਸਪਲਾਈ ਦੀ ਵਿਵਸਥਾ ਨੂੰ ਹੋਰ ਸੁਚਾਰੂ ਕਰਦਿਆਂ ਮੌਜੂਦਾ 2142 ਐਮ.ਐਲ.ਡੀ. ਵਿਚ 492.15 ਐਮ.ਐਲ.ਡੀ ਦਾ ਵਾਧਾ ਕਰਦਿਆਂ ਕੁੱਲ ਸਮਰੱਥਾ 2634.15 ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ਼ ਦੀ ਸਫਾ਼ਈ ਲਈ 39.55 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਕਰੀਬ 650 ਕਰੋੜ ਰੁਪਏ ਦੀ ਲਾਗਤ ਨਾਲ 607 ਐਮ.ਐਲ.ਡੀ. ਸਮਰੱਥਾ ਵਾਲੇ 52 ਸੀਵਰੇਜ਼ ਟਰੀਟਮੈਂਟ ਪਲਾਂਟ ਨਿਰਮਾਣ ਅਧੀਨ ਹਨ ਜਿਹੜੇ ਆਉਂਦੇ ਡੇਢ ਸਾਲ ਤੱਕ ਮੁਕੰਮਲ ਹੋ ਜਾਣਗੇ।
ਸੂਬੇ ਵਿਚ ਸਵੱਛ ਭਾਰਤ ਮਿਸ਼ਨ ਬਾਰੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ਼ਹਿਰੀ ਖੇਤਰ ਲਈ ਠੋਸ ਰਹਿੰਦ-ਖੂਹੰਦ ਪ੍ਰਬੰਧਨ ਲਈ ਮਸ਼ੀਨਾਂ ਅਤੇ ਹੋਰ ਪ੍ਰੋਸੈਸਿੰਗ ਸਹੂਲਤਾਂ ਲਈ ਸ਼ਹਿਰੀ ਸਥਾਨਕ ਇਕਾਈਆਂ ਨੂੰ 413.66 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਹੁਸ਼ਿਆਰਪੁਰ ਦੇ ਫਾਇਰ ਬ੍ਰਿਗੇਡ ਸਟੇਸ਼ਨ ਨੂੰ ਜਲਦ ਹੀ ਸ਼ਹਿਰ ਤੋਂ ਬਾਹਰ ਖੁੱਲ੍ਹੀ ਜਗ੍ਹਾ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਲਈ ਵੀ ਜਲਦ ਹੀ ਨਵੇਂ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਵਾਈਆ ਜਾ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਸਿੰਘ ਚੇਚੀ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਮੌਜੂਦ ਸਨ।