ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ-ਸ੍ਰੀ ਮਨਜਿੰਦਰ ਸਿੰਘ ਲਾਲਪੁਰਾ
ਤਰਨ ਤਾਰਨ, 17 ਫਰਵਰੀ :
ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਦੇ ਸਹਿਯੋਗ ਤੇ ਪੁਲਿਸ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਿਆਂ ‘ਤੇ ਕਾਬੂ ਪਾਇਆ ਜਾਵੇਗਾ।
ਇਹਨਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਐੱਸ. ਐੱਸ. ਪੀ. ਸ੍ਰੀ ਅਭਿਮਨਿਊ ਰਾਣਾ ਨਾਲ ਨਸ਼ਿਆਂ ਦੇ ਗੰਭੀਰ ਮੁੱਦੇ ‘ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਅੱਜ ਉਹਨਾਂ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਵੇਚਣ ਵਾਲ ਅਨਸਰਾਂ ਦੀ ਸੂਚੀ ਆਪਣੇ ਪੱਧਰ ‘ਤੇ ਤਿਆਰ ਕਰਵਾ ਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਭਿਮਨਿਊ ਰਾਣਾ ਨੂੰ ਦਿੱਤੀ ਹੈ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰਦਿਆਂ ਉਹਨਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾ ਸਕਣ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਇਸ ਮਾੜੀ ਲਾਹਨਤ ਨਾਲ ਨਜਿੱਠਣ ਲਈ ਦ੍ਰਿੜ ਸੰਕਲਪ ਹੈ ਅਤੇ ਜਲਦੀ ਹੀ ਇਸ ਸਮੱਸਿਆ ‘ਤੇ ਕਾਬੂ ਪਾਇਆ ਜਾ ਸਕੇਗਾ।
ਸ੍ਰੀ ਲਾਲਪੁਰਾ ਨੇ ਕਿਹਾ ਕਿ ਉਹਨਾਂ ਵੱਲੋਂ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਰਾਹੀਂ ਇਸ ਸਮੱਸਿਆ ‘ਤੇ ਕਾਬੂ ਪਾਉਣ ਲਈ ਵਿਸ਼ੇਸ ਮੁਹਿੰਮ ਜਾਰੀ ਹੈ। ਉਹਨਾਂ ਕਿਹਾ ਕਿ ਹਲਕੇ ਦੀਆਂ ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਨਸ਼ੇ ਵੇਚਣ ਵਾਲੇ ਅਨਸਰਾਂ ਵਿਰੁੱਧ ਕਰਵਾਈ ਕਰਨ ਲਈ ਮਤੇ ਵੀ ਪਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਨਸ਼ੇ ਵੇਚਣ ਵਾਲਿਆਂ ਨੂੰ ਨੱਥ ਪਾਈ ਜਾ ਸਕੇ।
ਉਹਨਾਂ ਕਿਹਾ ਕਿ ਨਸ਼ਾ ਇੱਕ ਬਹੁਤ ਵੱਡੀ ਸਮਾਜਿਕ ਸਮੱਸਿਆ ਬਣ ਗਿਆ ਹੈ, ਜਿਸ ਤੋਂ ਉੱਭਰਣ ਲਈ ਬਹੁਤ ਵੱਡੇ ਸਮਾਜਿਕ ਯਤਨਾਂ ਦੀ ਲੋੜ ਹੈ ਤਾਂ ਜੋ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੀ ਨੌਜਵਾਨ ਪੀੜੀ ਨੂੰ ਇਸ ‘ਚੋਂ ਬਾਹਰ ਕੱਢਿਆ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਆਦਿ ਹੋ ਚੁੱਕੇ ਨੌਜਵਾਨਾਂ ਲਈ ਨਸ਼ੇ ਤੋਂ ਛੁਟਕਾਰਾ ਦਿਵਾਉਣ ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾ ਸਕੇ।