ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ, 20 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਵੀਰਵਾਰ ਨੂੰ ਕਿ ਵਿਦੇਸ਼ੀ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਉਰਫ਼ ਭੁਜੀਆ, ਵਾਸੀ ਪਿੰਡ ਮੱਟੀ, ਮਾਨਸਾ ਵਜੋਂ ਹੋਈ ਹੈ । ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਚੋਂ ਇੱਕ .32 ਕੈਲੀਬਰ ਦੀ ਪਿਸਤੌਲ ਸਮੇਤ ਪੰਜ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ, ਏ.ਡੀ.ਜੀ.ਪੀ. (ਏਜੀਟੀਐਫ) ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਇੱਕ ਪਿਸਤੌਲ ਸਮੇਤ ਮਾਨਸਾ ਦੇ ਭੀਖੀ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੁਖਚੈਨ ਉਰਫ਼ ਭੁਜੀਆ ਹਾਲ ਹੀ ਵਿੱਚ ਭੀਖੀ ਵਿਖੇ ਵਾਪਰੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ , ਜਿਸ ਵਿੱਚ ਉਸ ਵਿਰੁੱਧ ਇਰਾਦਾ ਕਤਲ , ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸੁਖਚੈਨ ਉਰਫ਼ ਭੁਜੀਆ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ।
ਏ.ਆਈ.ਜੀ. (ਏ.ਜੀ.ਟੀ.ਐਫ.) ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਸ ਐਫਆਈਆਰ ਨੰ. 22 ਮਿਤੀ 10/2/2025 ਨੂੰ ਮਾਨਸਾ ਦੇ ਪੁਲਿਸ ਸਟੇਸ਼ਨ ਭੀਖੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾ 125, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਪਹਿਲਾਂ ਹੀ ਦਰਜ ਹੈ।