ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 19 ਫਰਵਰੀ:

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 10 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਬੁੱਧਵਾਰ ਨੂੰ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

 ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਤੋਂ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02 ਈਡਬਲਿਊ 5675), ਜਿਸ ’ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕੀਤਾ ਹੈ।

 ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਹਰਮਨਦੀਪ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਹਾਲ ਹੀ ਵਿੱਚ ਉਸਨੂੰ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਹੈ, ਜਿਸ ਨੂੰ ਉਹ ਰਾਮ ਤੀਰਥ ਰੋਡ, ਮੋੜ ਪਿੰਡ ਕਾਲੇ ਨੇੜੇ ਡੇਰਾ ਰਾਧਾ ਸਵਾਮੀ ,ਅੰਮ੍ਰਿਤਸਰ  ਦੇ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਿਹਾ ਹੈ।

ਉਕਤ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ. ਅੰਮ੍ਰਿਤਸਰ ਨੇ ਖੁਫ਼ੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ’ਤੇ ਲਗਾਏ ਇੱਕ ਵਿਸ਼ੇਸ਼ ਪੁਲਿਸ  ਨਾਕੇ ’ਤੇ ਮੁਲਜ਼ਮ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ  ਕਰ ਲਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਮੁਲਜ਼ਮ ਤੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

 ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ, ਜਿਸਨੇ ਸੂਬੇ ਵਿੱਚ ਹੋਰ ਥਾਈਂ ਸਪਲਾਈ ਕਰਨ ਲਈ ਅਟਾਰੀ ਖੇਤਰ ਵਿੱਚ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜੀ ਸੀ, ਦੇ ਸਿੱਧੇ ਸੰਪਰਕ ਵਿੱਚ ਸੀ ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ  ਜਾਰੀ  ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ, ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 8 ਮਿਤੀ 18.02.2025 ਨੂੰ ਕੇਸ ਦਰਜ ਕੀਤਾ ਗਿਆ  ਹੈ।

Tags: