ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 6 ਅਪ੍ਰੈਲ:

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਕਮਿਸ਼ਨ ਨੇ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੁਲਿਸ ਅਧਿਕਾਰੀਆਂ ਤੋਂ ਤੁਰੰਤ ਜਵਾਬ ਮੰਗਿਆ ਹੈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਔਰਤ ਨੂੰ ਪਰੇਸ਼ਾਨ ਕਰਨ ਜਾਂ ਬੇਲੋੜਾ ਦਬਾਅ ਪਾਏ ਜਾਣ ਦੀ ਸੂਰਤ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਚੇਅਰਪਰਸਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ ਅਤੇ ਕਮਿਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਧਮਕੀ, ਪਰੇਸ਼ਾਨੀ ਜਾਂ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

------------
Tags: