ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ.ਓ ਦਫ਼ਤਰ ਦਾ ਅਚਨਚੇਤ ਦੌਰਾ
By NIRPAKH POST
On
ਸੁਨਾਮ ਉਧਮ ਸਿੰਘ ਵਾਲਾ, 24 ਫਰਵਰੀ
ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ਤੇ ਠੱਲ ਪਾਉਣ ਦੇ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਅੱਜ ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈਓ ਦਫਤਰ ਦਾ ਅਚਨਚੇਤ ਦੌਰਾ ਕਰਕੇ ਉਥੇ ਕੰਮਕਾਰ ਕਰਵਾਉਣ ਲਈ ਪੁੱਜੇ ਹੋਏ ਲੋਕਾਂ ਨਾਲ ਗੱਲਬਾਤ ਕੀਤੀ ਗਈ। ਸ਼੍ਰੀ ਸਿੰਗਲਾ ਨੇ ਨਾਗਰਿਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਉਹਨਾਂ ਕੋਲੋਂ ਸਰਕਾਰੀ ਫੀਸ ਤੋਂ ਇਲਾਵਾ ਕਿਸੇ ਵੀ ਹੋਰ ਤਰੀਕੇ ਨਾਲ ਰਾਸ਼ੀ ਦੀ ਮੰਗ ਕਰਦਾ ਹੈ ਤਾਂ ਉਹ ਇਸ ਦੀ ਸ਼ਿਕਾਇਤ ਉਨ੍ਹਾਂ ਨੂੰ ਜਾਂ ਵਿਜੀਲੈਂਸ ਦੇ ਭ੍ਰਿਸ਼ਟਾਚਾਰ ਰੋਕੂ ਟੋਲ ਫਰੀ ਹੈਲਪਲਾਈਨ ਨੰਬਰ 1800-1800-1000 ਉੱਤੇ ਕਰ ਸਕਦੇ ਹਨ। ਉਹਨਾਂ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਸਰਕਾਰ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਨਾਗਰਿਕਾਂ ਨੂੰ ਬਿਨਾਂ ਵਜ੍ਹਾ ਖੱਜਲ ਖੁਆਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਪਰ ਫਿਰ ਵੀ ਜੇਕਰ ਸਬ ਡਵੀਜ਼ਨ ਸੁਨਾਮ ਅਧੀਨ ਕਿਸੇ ਵੀ ਵਿਭਾਗ ਵਿੱਚ ਨਾਗਰਿਕਾਂ ਦੇ ਕੰਮ ਨੂੰ ਪੂਰਾ ਕਰਨ ਵਿੱਚ ਟਾਲ ਮਟੋਲ ਵਾਲਾ ਰਵਈਆ ਅਪਣਾਇਆ ਜਾਂਦਾ ਹੈ ਤਾਂ ਨਾਗਰਿਕ ਤੁਰੰਤ ਅਜਿਹੇ ਮਾਮਲੇ ਉਹਨਾਂ ਦੇ ਧਿਆਨ ਵਿੱਚ ਲਿਆਉਣ।
ਐਸਡੀਐਮ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਉਹਨਾਂ ਵੱਲੋਂ ਕੀਤੀ ਗਈ ਗੱਲਬਾਤ ਦੌਰਾਨ ਲੋਕਾਂ ਨੇ ਸਰਕਾਰੀ ਕੰਮਕਾਜ ਦੇ ਸੁਚਾਰੂ ਹੋਣ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ। ਉਹਨਾਂ ਇਹ ਵੀ ਦੱਸਿਆ ਕਿ ਉਹ ਸਮੇਂ ਸਮੇਂ ਤੇ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਅਚਨਚੇਤ ਦੌਰੇ ਕਰਦੇ ਰਹਿਣਗੇ।
Tags: