ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ

ਸੰਗਰੂਰ, 24 ਫਰਵਰੀ-
 
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਸੰਗਰੂਰ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਰਜਿਸਟਰੇਸ਼ਨ ਪ੍ਰਕਿਰਿਆ ਅਤੇ ਹੋਰ ਵੱਖ-ਵੱਖ ਸੇਵਾਵਾਂ ਲੈਣ ਲਈ ਪਹੁੰਚੇ ਨਾਗਰਿਕਾਂ ਤੋਂ ਕਾਰਜ ਪ੍ਰਣਾਲੀ ਬਾਰੇ ਫੀਡਬੈਕ ਲਈ। ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਮੌਜੂਦ ਲੋਕਾਂ ਨੂੰ ਦੱਸਿਆ ਕਿ 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਅਸੀਂ ਵਚਨਬੱਧ ਹਾਂ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਰਕਾਰੀ ਸੇਵਾ ਹਾਸਲ ਕਰਨ ਵਿੱਚ ਦਿੱਕਤ ਪੇਸ਼ ਆਉਂਦੀ ਹੈ ਜਾਂ ਫਿਰ ਕਿਸੇ ਨਾਗਰਿਕ ਕੋਲੋਂ ਕਿਸੇ ਰੂਪ ਵਿੱਚ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਤੁਰੰਤ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
 
ਡਿਪਟੀ ਕਮਿਸ਼ਨਰ ਨੇ ਤਹਿਸੀਲ ਸਟਾਫ ਨੂੰ ਸਮੇਂ ਸਿਰ ਡਿਊਟੀ ਉੱਤੇ ਪਹੁੰਚਣ ਅਤੇ ਲੋਕਾਂ ਨੂੰ ਪਾਰਦਰਸ਼ਤਾ ਅਤੇ ਸਮਾਂ ਬੱਧ ਤਰੀਕੇ ਨਾਲ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਉਹਨਾਂ ਨੇ ਲੋਕਾਂ ਨੂੰ ਸਰਵੋਤਮ ਅਤੇ ਸਮਾਂ ਬੱਧ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਵੀ ਨਾਗਰਿਕਾਂ ਦੇ ਕੰਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
Tags: