ਡਿਪਟੀ ਕਮਿਸ਼ਨਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਅਰਥਾਂ ’ਚ ਲਾਗੂ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ
ਜਲੰਧਰ, 25 ਅਪ੍ਰੈਲ
ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਪੰਜਾਬ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।
ਅੱਜ ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਿਦਿਅਕ ਸੰਸਥਾਵਾਂ ਅਤੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜ਼ਿਲ੍ਹਾਂ ਨੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ, ਨੇ ਵਿਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਉਹਨਾਂ ਦੀ ਭਲਾਈ ਲਈ ਅਸਰਦਾਰ ਢੰਗ ਨਾਲ ਹੱਲ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਡਿਗਰੀਆਂ ਕਿਸੇ ਵੀ ਕੀਮਤ ’ਤੇ ਨਾ ਰੋਕੀਆਂ ਜਾਣ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਸਮੇਂ ਸਿਰ ਰੋਲ ਨੰਬਰ ਅਤੇ ਡਿਗਰੀਆਂ ਜਾਰੀ ਕਰਨ ਸਬੰਧੀ ਲਿਖਤੀ ਅੰਡਰਟੇਕਿੰਗ ਸੌਂਪੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਸਕੀਮ ਅਧੀਨ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਿਦਿਅਕ ਵਰ੍ਹੇ ਦੌਰਾਨ 24000 ਵਿਦਿਆਰਥੀਆਂ ਵਲੋਂ ਇਸ ਸਕੀਮ ਦਾ ਲਾਭ ਉਠਾਇਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਾਬੰਦ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਸੂਬਾ ਸਰਕਾਰ ਵਲੋਂ ਉਹਨਾਂ ਦੇ ਹਿੱਤਾਂ ਨੂੰ ਹਰ ਕੀਮਤ ’ਤੇ ਸੁਰੱਖਿਅਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ ਇਸ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ੂ
ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਹਦਾਇਤਾਂ ਕੀਤੀਆਂ ਕਿ ਵਿਦਿਆਰਥੀਆਂ ਦੇ ਮਸਲਿਆਂ ਨੂੰ ਕਾਲਜ ਪੱਧਰ ’ਤੇ ਹੀ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਭਲਾਈ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇ।