ਪੰਜਾਬ ਵਿੱਚ ਕਣਕ ਦੀ ਖ਼ਰੀਦ ਦਾ ਹੋਇਆ ਆਗਾਜ਼
ਚੰਡੀਗੜ੍ਹ- ਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਅੱਜ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸੂਬਾ ਸਰਕਾਰ ਨੇ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਦੱਸ ਦਈਏ ਕਿ ਪੰਜਾਬ ਦੇ ਮਾਲਵਾ ਖ਼ਿੱਤੇ ’ਚ ਕਣਕ ਦੀ ਵਾਢੀ ਵਿਸਾਖੀ ਦੇ ਆਸ-ਪਾਸ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੌਸਮ ਢੁੱਕਵਾਂ ਰਹਿਣ ਕਰਕੇ ਕਿਸਾਨ ਇਸ ਵਾਰ ਹੌਸਲੇ ਵਿੱਚ ਵੀ ਹਨ ਅਤੇ ਤਸੱਲੀ ਵਿੱਚ ਵੀ ਹਨ। ਆਮ ਤੌਰ ’ਤੇ ਕਿਸਾਨਾਂ ਦੀ ਪੱਕੀ ਫ਼ਸਲ ਕੁਦਰਤੀ ਆਫ਼ਤਾਂ ਦੀ ਭੇਟ ਚੜ੍ਹਦੀ ਰਹੀ ਹੈ। ਇਸ ਵਾਰ ਕਾਫ਼ੀ ਹੱਦ ਤੱਕ ਇਸ ਤੋਂ ਬਚਾਅ ਰਿਹਾ ਹੈ। ਮੌਸਮ ਠੰਢਾ ਰਿਹਾ ਜਿਸ ਕਰਕੇ ਕਣਕ ਦੇ ਝਾੜ ਨੂੰ ਵੀ ਲੈ ਕੇ ਕਿਸਾਨ ਸੰਤੁਸ਼ਟ ਨਜ਼ਰ ਆ ਰਹੇ ਹਨ। ਦੇਖਣਯੋਗ ਹੈ ਕਿ ਕਿਸਾਨਾਂ ਨੂੰ ਖੇਤਾਂ ਤੋਂ ਕਿੰਨਾ ਝਾੜ ਪ੍ਰਾਪਤ ਹੁੰਦਾ ਹੈ।
RBI ਨੇ ਪੰਜਾਬ ਨੂੰ 28 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ। ਸਮੁੱਚੇ ਸੂਬੇ ਵਿੱਚ ਕਰੀਬ 1864 ਖ਼ਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ 700 ਦੇ ਕਰੀਬ ਆਰਜ਼ੀ ਮੰਡੀਆਂ ਵੀ ਤਿਆਰ ਕੀਤੀਆਂ ਗਈਆਂ ਹਨ। ਮੌਸਮ ’ਚ ਕੋਈ ਫੇਰਬਦਲ ਨਾ ਹੋਇਆ ਤਾਂ ਇਸ ਵਾਰ ਕਣਕ ਦਾ ਸੀਜ਼ਨ ਜਲਦੀ ਨਿਬੜ ਸਕਦਾ ਹੈ। ਸੂਬਾ ਸਰਕਾਰ ਨੇ ਇਸ ਵਾਰ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਹੈ ਜਦੋਂ ਕਿ ਪਿਛਲੇ ਸਾਲ ਇਹ ਟੀਚਾ 132 ਲੱਖ ਮੀਟਰਿਕ ਟਨ ਸੀ। ਦੱਸਣਯੋਗ ਹੈ ਕਿ ਮੰਡੀਆਂ ਵਿੱਚ 132 ਲੱਖ ਮੀਟਰਿਕ ਟਨ ਕਣਕ ਖ਼ਰੀਦਣ ਦੇ ਹੀ ਪ੍ਰਬੰਧ ਕੀਤੇ ਗਏ ਹਨ।
Read Also- ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਵਿਸ਼ੇਸ਼ ਉਡਾਨ ਰਾਹੀਂ ਹਾਂਗਕਾਂਗ ਭੇਜੇ
ਦੱਸ ਦਈਏ ਕਿ ਪਿਛਲੇ ਵਰ੍ਹੇ ਮੰਡੀਆਂ ’ਚੋਂ 124.57 ਲੱਖ ਮੀਟਰਿਕ ਟਨ ਕਣਕ ਦੀ ਸਰਕਾਰੀ ਖ਼ਰੀਦ ਹੋਈ ਸੀ ਅਤੇ 7.85 ਲੱਖ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਕੀਤੀ ਗਈ ਸੀ। ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਦਾਅਵਾ ਹੈ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ’ਚ ਖ਼ਰੀਦ ਰਾਸ਼ੀ ਪਾ ਦਿੱਤੀ ਜਾਵੇਗੀ।
‘ਆਪ’ ਸਰਕਾਰ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨਾਂ ਨੂੰ ਖ਼ਰੀਦ ਕੰਮਾਂ ਵਿਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਪਿਛਲੇ ਸੀਜ਼ਨ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਹੋਈ ਸੀ। ਵੱਡਾ ਮਸਲਾ ਕਣਕ ਭੰਡਾਰਨ ਦਾ ਖੜ੍ਹਾ ਹੋ ਸਕਦਾ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਅਨਾਜ ਦੀ ਮੂਵਮੈਂਟ ਸਮੇਂ ਸਿਰ ਨਹੀਂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਪਿਛਲੇ ਦਿਨੀਂ ਕੇਂਦਰੀ ਖ਼ੁਰਾਕ ਤੇ ਸਪਲਾਈ ਮੰਤਰੀ ਨਾਲ ਵੀ ਮੀਟਿੰਗ ਕੀਤੀ ਸੀ। ਕਿਸਾਨ ਧਿਰਾਂ ਵੀ ਕਣਕ ਦੀ ਖ਼ਰੀਦ ਦੇ ਸੀਜ਼ਨ ’ਤੇ ਨੇੜਿਓ ਨਜ਼ਰ ਰੱਖਣਗੀਆਂ ਕਿਉਂਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਖ਼ਿਲਾਫ਼ ਸਖ਼ਤੀ ਦਿਖਾਈ ਜਾ ਰਹੀ ਹੈ।