ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਮੋਗਾ, 18 ਮਾਰਚ :
ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਸੌਂਦ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ 'ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕੱਸੀ ਜਾਂਦੀ।

ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੋਗਾ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ/ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ।

ਕੈਬਨਿਟ ਮੰਤਰੀ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਨੂੰ ਕਾਮਯਾਬ ਕਰਨ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਜ਼ਮੀਨੀ ਪੱਧਰ 'ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਗਰੂਕਤਾ ਨਾਟਕ ਕਰਵਾਏ ਜਾਣ ਉੱਤੇ ਵੀ ਜ਼ੋਰ ਦਿੱਤਾ।  ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਆਪਸੀ ਤਾਲਮੇਲ ਨਾਲ ਗਤੀਵਿਧੀਆਂ ਕਰਵਾਉਣ।

ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਅਤੇ ਇਹ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਹਰੇਕ ਅਧਿਕਾਰੀ ਇਸ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝ ਕੇ ਪੂਰਨ ਸਹਿਯੋਗ ਦੇਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾਵੇ ਅਤੇ ਲੋਕਾਂ ਵਿੱਚ ਇਹ ਸੁਨੇਹਾ ਦਿੱਤਾ ਜਾਵੇ ਕਿ ਨਸ਼ਿਆਂ ਦੇ ਸੌਦਾਗਰਾਂ ਬਾਰੇ ਬੇਖੌਫ ਹੋ ਕੇ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਵੀ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜ਼ਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

  ਸੌਂਦ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ 'ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਨਸ਼ਾ ਛੁਡਾਉਣ ਤੋਂ ਇਲਾਵਾ ਇਸਦੀ ਰੋਕਥਾਮ ਲਈ ਪਹਿਲਾਂ ਹੀ ਵੱਡੇ ਪੱਧਰ 'ਤੇ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਨਸ਼ਾਖੋਰੀ ਨਾਲ ਜੂਝ ਰਹੇ ਵਿਅਕਤੀਆਂ ਦੇ ਸਹੀ ਇਲਾਜ ਅਤੇ ਸਲਾਹ ਸੇਵਾਵਾਂ ਪ੍ਰਦਾਨ ਕਰਨ ਲਈ ਮੁੜ ਵਸੇਬਾ ਸੰਸਥਾਵਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਅਕਤੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਰੋਜ਼ਗਾਰ ਦੇ ਵੱਖ-ਵੱਖ ਮੌਕੇ ਅਤੇ ਹੁਨਰ ਵਧਾਉਣ ਦੀ ਪੇਸ਼ਕਸ਼ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਦੇ ਕਾਬਿਲ ਬਣਾਇਆ ਜਾਵੇਗਾ।ਉਨ੍ਹਾਂ ਇਹ ਵੀ ਦੱਸਿਆ ਲੋਕਾਂ ਦੇ ਲਈ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ 9779100200 ਵੀ ਜਾਰੀ ਕੀਤਾ ਹੋਇਆ ਹੈ। ਇਸ ਨੰਬਰ ਉੱਤੇ ਫੋਨ ਕਰਨ ਵਾਲੇ ਦੀ ਹਰ ਤਰ੍ਹਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।

ਐਸ.ਐਸ.ਪੀ ਮੋਗਾ ਸ੍ਰੀ ਅਜੇ ਗਾਂਧੀ ਨੇ ਕੈਬਨਿਟ ਮੰਤਰੀ ਨੂੰ ਵਿਸਥਾਰ ਨਾਲ ਦੱਸਿਆ ਨਸ਼ਾਖੋਰੀ ਦੀਆਂ ਵੱਡੀਆਂ ਮੱਛੀਆਂ ਵੀ ਫੜੀਆਂ ਜਾ ਰਹੀਆਂ ਹਨ ਅਤੇ ਜਲਦ ਹੀ ਇਨ੍ਹਾਂ ਦੇ ਸਮੁੱਚੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ। ਉਹਨਾਂ ਨੇ ਜ਼ਿਲ੍ਹੇ ਅੰਦਰ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਆਮ ਲੋਕਾਂ ਦਾ ਪੂਰਨ ਸਹਿਯੋਗ ਲੈਂਦਿਆਂ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਵਾਅਦਾ ਸੀ ਕਿ ਪੰਜਾਬ ਨੂੰ ਹਰ ਹੀਲੇ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ ਇਸ ਦਿਸ਼ਾ ਵਿੱਚ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਇਸ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੁਣ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਜਿਸ ਦੇ ਸਾਰਥਕ ਨਤੀਜੇ ਆ ਰਹੇ ਹਨ ਅਤੇ ਕਿਸੇ ਵੀ ਨਸ਼ਾ ਤਸਕਰ ਨਾਲ ਕੋਈ ਵੀ ਲਿਹਾਜ ਨਾ ਕਰਦੇ ਹੋਏ ਸਿੱਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ ਕਾਗਜਾਂ ਤੱਕ ਹੀ ਸੀਮਤ ਨਹੀਂ ਹੈ ਪੂਰੀ ਪਾਰਟੀ ਜਮੀਨੀ ਪੱਧਰ ਤੱਕ ਇਸ ਉਪਰ ਕੰਮ ਕਰ ਰਹੀ ਹੈ ਤਾਂ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਇਆ ਜਾ ਸਕੇ1 ਉਹਨਾਂ ਦੱਸਿਆ ਕਿ ਇਸ 1 ਮਾਰਚ 2025 ਤੋਂ ਚੱਲੀ ਇਸ ਮੁਹਿੰਮ ਤਹਿਤ 16 ਮਾਰਚ 2025 ਤੱਕ 1651 ਐਫ.ਆਈ.ਆਰਜ, 2575 ਗ੍ਰਿਫਤਾਰੀਆਂ, 95.264 ਕਿੱਲੋ ਹੈਰੋਇਨ, 1128 ਕਿੱਲੋ ਤੋਂ ਵਧੇਰੇ ਚੂਰਾ ਪੋਸਤ, 52.316 ਕਿੱਲੋ ਅਫੀਮ, 16 ਕਿੱਲੋ ਗਾਂਜਾ, 4.632 ਕਿੱਲੋ ਚਰਸ, 7 ਲੱਖ 25 ਹਜਾਰ 666 ਦੀ ਨਸ਼ੀਲੀਆਂ ਗੋਲੀਆਂ, 1733 ਲੀਟਰ ਲਾਹਨ, 64.26 ਲੱਖ ਤੋਂ ਵਧੇਰੇ ਦੀ ਡਰੱਗ ਮਨੀ, 279 ਨਸ਼ੀਲੇ ਟੀਕੇ ਬਰਾਮਦ ਕਰਨ ਤੋਂ ਇਲਾਵ  ਹੋਰ ਵੀ ਬਹੁਤ ਸਾਰੀਆਂ ਬਰਾਮਦਗੀਆਂ ਕੀਤੀਆਂ ਹਨ।

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਖੁੱਲ਼੍ਹੀ ਛੁੱਟੀ ਦਿੱਤੀ ਗਈ ਹੈ ਕਿ ਕੋਈ ਵੀ ਨਸ਼ਾ ਤਸਕਰ ਬਚ ਕੇ ਜਾਣਾ ਨਹੀਂ ਚਾਹੀਦਾ ਇਹਨਾਂ ਉਪਰ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ ਅਤੇ ਹੁਣ ਪੁਲਿਸ ਪ੍ਰਸ਼ਾਸ਼ਨ ਤੇ ਸਿਵਲ ਪ੍ਰਸ਼ਾਸ਼ਨ ਬਿਨ੍ਹਾਂ ਕਿਸੇ ਵੀ ਰਾਜਨੀਤਿਕ ਦਬਾਅ ਤੋਂ ਨਸ਼ਿਆਂ ਵਿਰੁੱਧ ਲੜ੍ਹ ਵੀ ਰਹੇ ਹਨ।
ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ  ਤਰੁਨਪ੍ਰੀਤ ਸਿੰਘ ਸੌਂਦ ਨੂੰ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਪੰਜਾਬ ਪੁਲੀਸ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ ।


ਇਸ ਮੌਕੇ ਉਹਨਾਂ ਨਾਲ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਢੀ ਢੋਂਸ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ, ਚੇਅਰਮੈਨ ਨਗਰ ਸੁਧਾਰ ਟਰੱਸਟ ਰਮਨ ਮਿੱਤਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਉੱਚ ਅਧਿਕਾਰੀ ਹਾਜ਼ਿਰ ਸਨ।

Tags: